Close
Menu

ਬਾਦਲ ਵੱਲੋਂ ਸਿੱਕਮ ਦੇ ਮੁੱਖ ਮੰਤਰੀ ਨੂੰ ਪੱਤਰ

-- 28 May,2015

ਚੰਡੀਗੜ੍ਹ, 28ਮਈ
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿੱਕਮ ਵਿੱਚ ਇਤਿਹਾਸਕ ਸਿੱਖ ਗੁਰਦੁਆਰਿਆਂ ਦੀ ਮਰਿਆਦਾ ਬਹਾਲ ਕਰਨ ਲਈ ਅੱਜ ਸਿੱਕਮ ਦੇ ਮੁੱਖ ਮੰਤਰੀ ਪਵਨ ਕੁਮਾਰ ਚਾਮਲਿੰਗ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ। ਸ੍ਰੀ ਚਾਮਲਿੰਗ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਿੱਕਮ ਵਿੱਚ ਇਤਿਹਾਸਕ ਮਹੱਤਤਾ ਵਾਲੇ ਬਹੁਤ ਸਾਰੇ ਗੁਰਦੁਆਰੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹਨ ਕਿਉਂ ਜੋ ਗੁਰੂ ਸਾਹਿਬ ਇਸ ਸੂਬੇ ਵਿੱਚ ਆਏ ਸਨ। ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਸਾਹਿਬਾਨ ਗੁਰੂਡੋਂਗਮਾਰ, ਥਾਂਗੂ, ਲੇਚਨ, ਚੁੰਗਥਾਂਗ, ਤੁਮਥਾਂਗ ਅਤੇ ਲਾਚੁੰਗ ਵਿਖੇ ਸਥਿਤ ਹਨ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਨ੍ਹਾਂ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਹਰ ਸਾਲ ਆਉਂਦੇ ਹਨ। ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਉਪਰੋਕਤ ਗੁਰਦੁਆਰਾ ਸਾਹਿਬਾਨ ਵਿੱਚ ਮਰਿਆਦਾ ਦਾ ਪਾਲਣ ਨਹੀਂ ਹੋ ਰਿਹਾ।
ਮੁੱਖ ਮੰਤਰੀ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ  ਦੀ ਸੇਵਾ-ਸੰਭਾਲ ਅਤੇ ਗੁਰਦੁਆਰਾ ਸਾਹਿਬਾਨ ਸਥਾਨਕ ਸਿੱਖਾਂ ਪਾਸੋਂ ਲੈ ਲਏ ਗਏ ਹਨ ਅਤੇ ਗੁਰੂ ਨਾਨਕ ਦੇਵ ਜੀ ਦੀ ਫੇਰੀ ਨੂੰ ਦਰਸਾਉਂਦੇ ਬੋਰਡ ਵੀ ਹਟਾ ਦਿੱਤੇ ਗਏ ਹਨ। ਸ੍ਰੀ ਬਾਦਲ ਕਿਹਾ ਕਿ ਚੁੰਗਥਾਂਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਨਿਸ਼ਾਨੀਆਂ ਬੋਧੀਆਂ ਹਵਾਲੇ ਕਰ ਦਿੱਤੀਆਂ ਗਈਆਂ ਜਿਨ੍ਹਾਂ ਦੁਆਲੇ ਕੰਧ ਉਸਾਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੇਚਨ ਵਿਖੇ ਗੁਰੂ ਜੀ ਨਾਲ ਸਬੰਧਤ ਵਸਤਾਂ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਨਹੀਂ ਰੱਖਿਆ ਜਾ ਰਿਹਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹੋਰ ਵੀ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਪਵਿੱਤਰ ਅਸਥਾਨਾਂ ਤੋਂ ਨਿਸ਼ਾਨ ਸਾਹਿਬ ਵੀ ਹਟਾ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਨੇ ਸਿੱਖਾਂ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਅਤੇ ਉਨ੍ਹਾਂ ਦੇ ਮਨਾਂ ਵਿੱਚ ਰੋਸ ਪੈਦਾ ਹੋਇਆ ਹੈ। ਸਿੱਕਮ ਦੇ ਮੁੱਖ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਸ੍ਰੀ ਬਾਦਲ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਸਿੱਕਮ ਦੇ ਗੁਰਦੁਆਰਿਆਂ ਵਿੱਚ ਮਰਿਆਦਾ ਦੀ ਬਹਾਲੀ ਦੇ ਮੁੱਦੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਦੀ ਅਗਵਾਈ ਵਿੱਚ ਪੰਜ ਮੈਂਬਰੀ ਵਫ਼ਦ ਦੀ ਸਿੱਕਮ ਫੇਰੀ ਮੌਕੇ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।

Facebook Comment
Project by : XtremeStudioz