Close
Menu

ਬਾਦਲ ਸਰਕਾਰ ਦਾ ਰਵੱਈਆ ਕਿਸਾਨ ਵਿਰੋਧੀ : ਛੋਟੇਪੁਰ

-- 13 April,2015

ਮੋਹਾਲੀ, ਪੰਜਾਬ ਸਰਕਾਰ ਵਲੋਂ ਅਪਣਾਈਆਂ ਜਾ ਰਹੀਆਂ ਕਿਸਾਨ ਵਿਰੋਧੀ ਨੀਤੀਆਂ ਹੀ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਆਤਮ-ਹੱਤਿਆਵਾਂ ਦਾ ਕਾਰਨ ਸਿੱਧ ਹੋ ਰਹੀਆਂ ਹਨ। ਪਿਛਲੇ ਹਫ਼ਤੇ ਹੀ ਮਾਨਸਾ ਜ਼ਿਲੇ ਵਿਚ ਦੋ ਕਿਸਾਨਾਂ ਵਲੋਂ ਖੁਦਕੁਸ਼ੀਆਂ ਕਰਨਾ ਵੀ ਅਤਿ-ਦੁੱਖਦਾਈ ਹੈ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਇਹ ਗੱਲ ਐਤਵਾਰ ਨੂੰ ਫੇਜ਼-71 ਵਿਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਕਹੀ। ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਆਲੂ ਦੀ ਫਸਲ ਪ੍ਰਦੇਸ਼ ਵਿਚ ਪਹਿਲਾਂ ਹੀ ਮੰਡੀਆਂ ਵਿਚ ਰੁਲ ਰਹੀ ਹੈ ਅਤੇ ਹੁਣ ਕਣਕ ਦੀ ਫਸਲ ਦਾ ਵੀ ਇਹੀ ਹਾਲ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ 2017 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ ਅਤੇ ਆਮ ਆਦਮੀ ਪਾਰਟੀ ਦਿੱਲੀ ਸਰਕਾਰ ਦੀ ਤਰ੍ਹਾਂ ਹੀ ਕਿਸਾਨਾਂ ਦੇ ਨਾਲ-ਨਾਲ ਮੁਲਾਜ਼ਮਾਂ ਦੇ ਹਿੱਤ ਵਿਚ ਹੋਵੇਗੀ।  ਛੋਟੇਪੁਰ ਨੇ ਕਿਹਾ ਕਿ ਦਿੱਲੀ ਵਿਚ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਆਮ ਆਦਮੀ ਪਾਰਟੀ ਦੀ ਨੀਤੀ ਨੂੰ ਅਮਲੀਜਾਮਾ ਪਹਿਨਾਇਆ ਹੈ। ਉਨ੍ਹਾਂ ਕਿਹਾ ਕਿ ਬੇਮੌਸਮੀ ਮੀਂਹ ਨਾਲ ਕਿਸਾਨਾਂ ਦੀ ਪੱਕੀ ਫਸਲ ਦਾ ਨੁਕਸਾਨ ਦੁੱਖਦਾਈ ਹੁੰਦਾ ਹੈ, ਇਸ ਲਈ ਦਿੱਲੀ ਸਰਕਾਰ ਨੇ ਯੋਗ ਰਕਮ ਕਿਸਾਨਾਂ ਨੂੰ ਦਿੱਤੀ ਹੈ, ਜੋ ਕਿ ਭਾਰਤੀ ਇਤਿਹਾਸ ਵਿਚ ਰਿਕਾਰਡ ਹੈ। ਛੋਟੇਪੁਰ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਜੋ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਉਹ ਇਸ ਦੇ ਮੁਕਾਬਲੇ ਕਿਤੇ ਘੱਟ ਹੈ, ਜਦਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੋਏ ਨੁਕਸਾਨ ਲਈ ਕੇਂਦਰ ਸਰਕਾਰ ਨੂੰ ਸਿਰਫ਼ ਅਪੀਲ ਕਰਕੇ ਹੀ ਕਿਸਾਨਾਂ ਨੂੰ ਉਨ੍ਹਾਂ ਦੇ ਹਾਲ ‘ਤੇ ਛੱਡ ਦਿੱਤਾ ਹੈ।

Facebook Comment
Project by : XtremeStudioz