Close
Menu

ਮੁੱਖ ਮੰਤਰੀ ਵੱਲੋਂ ਮੁਆਵਜ਼ੇ ਦੇ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ

-- 18 September,2015

ਚੰਡੀਗੜ੍ਹ, 18 ਸਤੰਬਰ:ਚਿੱਟੀ ਮੱਖੀ ਦੇ ਹਮਲੇ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ੇ ਦੀ ਵੰਡ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਨਰਮਾ ਉਤਪਾਦਕਾਂ ਨੂੰ ਤੇਜ਼ੀ ਨਾਲ ਮੁਆਵਜ਼ਾ ਮੁਹੱਈਆ ਕਰਵਾਉਣ ਲਈ ਉਹ ਖੁਦ ਸਾਰੀ ਪ੍ਰਕ੍ਰਿਆ ਉਪਰ ਰੋਜ਼ਮਰਾ ਦੇ ਅਧਾਰ ‘ਤੇ ਨਿਗਰਾਨੀ ਰੱਖ ਰਹੇ ਹਨ।
ਅੱਜ ਇਥੇ ਜਾਰੀ ਇੱਕ ਬਿਆਨ ਵਿਚ ਸ. ਬਾਦਲ ਨੇ ਕਿਹਾ ਕਿ ਚਿੱਟੀ ਮੱਖੀ ਦੇ ਹਮਲੇ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਉਨ੍ਹਾਂ ਨੂੰ ਬਹੁਤ ਜ਼ਿਆਦਾ ਦੁੱਖ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਇਸ ਸਮੇਂ ਰਾਹਤ ਮੁਹੱਈਆ ਕਰਵਾਉਣੀ ਸੂਬਾ ਸਰਕਾਰ ਦੀ ਮੁੱਖ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਰਕਾਰੀ ਮਸ਼ੀਨਰੀ ਵਿਚ ਕਿਸੇ ਵੀ ਪੱਧਰ ‘ਤੇ ਢਿੱਲ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਉਹ ਪੂਰੀ ਤਰ੍ਹਾਂ ਪੀੜਤ ਕਿਸਾਨਾਂ ਦੇ ਨਾਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਕਪਾਹ ਉਤਪਾਦਕਾਂ ਦੀ ਮਦਦ ਲਈ ਪੂਰੀ ਤਰ੍ਹਾਂ ਪਾਬੰਦ ਹੈ ਜਿਨ੍ਹਾਂ ਦੀ ਕੀੜਿਆਂ-ਮਕੌੜਿਆਂ ਦੇ ਇਸ ਅਣਕਿਆਸੇ ਹਮਲੇ ਕਾਰਨ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ੇ ਵਾਸਤੇ 10 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਜਿਨ੍ਹਾਂ ਨੂੰ ਆਪਣੀ ਫਸਲ ਵਾਹੁਣੀ ਪਈ ਹੈ।
ਚਿੱਟੀ ਮੱਖੀ ਦੇ ਹਮਲੇ ਕਾਰਨ ਨਰਮੇ ਨੂੰ ਹੋਏ ਨੁਕਸਾਨ ਦੇ ਲਈ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦੇਣ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਮਾਲਵਾ ਪੱਟੀ ਵਿਚ ਨਰਮੇ ਦੀ ਖੜੀ ਫਸਲ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਚਲ ਰਹੀ ਗਿਰਦਾਵਰੀ ਇਸ ਮਹੀਨੇ ਦੀ 25 ਤਰੀਕ ਤੱਕ ਮੁਕੰਮਲ ਕਰਨ ਲਈ ਮਾਲ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਯੋਗ ਕਪਾਹ ਉਤਪਾਦਕਾਂ ਨੂੰ ਸਮੇਂ ਸਿਰ ਮੁਆਵਜ਼ਾ ਦਿੱਤਾ ਜਾ ਸਕੇ।
ਮਾਲ ਵਿਭਾਗ ਵੱਲੋਂ ਕੀਤੀ ਜਾ ਰਹੀ ਗਿਰਦਾਵਰੀ ਦੀ ਪ੍ਰਕ੍ਰਿਆ ਦਾ ਅੱਜ ਸਵੇਰੇ ਆਪਣੇ ਨਿਵਾਸ ਸਥਾਨ ਉਤੇ ਜਾਇਜ਼ਾ ਲੈਣ ਲਈ ਸੱਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦੇ ਲਈ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਇਸ ਸੰਕਟ ਵਿਚੋਂ ਬਾਹਰ ਕੱਢਿਆ ਜਾ ਸਕੇ। ਵਧੀਕ ਮੁੱਖ ਸਕੱਤਰ (ਵਿਕਾਸ) ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਮੌਜੂਦਾ ਮਾਨਸੂਨ ਦੌਰਾਨ ਮੀਂਹ ਘੱਟ ਪੈਣ ਕਾਰਨ ਚਿੱਟੀ ਮੱਖੀ ਦੇ ਹਮਲੇ ਦੀ ਸਮੱਸਿਆ ਗੰਭੀਰ ਹੋਈ ਹੈ। ਸ. ਬਾਦਲ ਨੂੰ ਇਹ ਵੀ ਦੱਸਿਆ ਗਿਆ ਕਿ ਪਹਿਲਾਂ ਚਿੱਟੀ ਮੱਖੀ ਦਾ ਲਾਰਵਾ ਮੀਂਹ ਦੇ ਕਾਰਨ ਧੋਤਾ ਜਾਂਦਾ ਸੀ ਪਰ ਬਦਕਿਸਮਤੀ ਦੀ ਗੱਲ ਇਹ ਹੈ ਕਿ ਇਸ ਸਾਲ ਮੀਂਹ ਘੱਟ ਪੈਣ ਕਾਰਨ ਅਜਿਹਾ ਨਹੀਂ ਹੋਇਆ ਜਿਸ ਦੇ ਕਾਰਨ ਕਿਸਾਨੀ ਭਾਈਚਾਰੇ ਨੂੰ ਵੱਡਾ ਨੁਕਸਾਨ ਹੋਇਆ ਹੈ।
ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਨਰਮੇ ਦੀ ਕਾਸ਼ਤ ਹੇਠ ਕੁੱਲ 4.50 ਲੱਖ ਹੈਕਟੇਅਰ ਰਕਬੇ ਵਿਚੋਂ 4574 ਹੈਕਟੇਅਰ ਰਕਬੇ ਵਿਚ ਫਸਲ 100 ਫੀਸਦੀ ਖਰਾਬ ਹੋ ਗਈ ਹੈ। ਨੁਕਸਾਨ ਦਾ ਪੂਰਾ ਅਨੁਮਾਨ ਲਾਉਣ ਲਈ ਤਕਰੀਬਨ 1.36 ਲੱਖ ਹੈਕਟੇਅਰ ਰਕਬੇ ਵਿਚ ਗਿਰਦਾਵਰੀ ਚਲ ਰਹੀ ਹੈ।
ਚਿੱਟੀ ਮੱਖੀ ਦੇ ਤਿੱਖੇ ਹਮਲੇ ਕਾਰਨ ਮਾਲਵਾ ਪੱਟੀ ਦੇ ਛੇ ਜਿਲ੍ਹਿਆਂ ਵਿਚ 11,780 ਏਕੜ ਰਕਬੇ ਵਿਚ ਨਰਮੇ ਦੀ ਫਸਲ ਨੂੰ ਵਾਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਲਵਾ ਪੱਟੀ ਦੇ ਕਿਸਾਨਾਂ ਦੀ ਇਸ ਤਰਸਯੋਗ ਹਾਲਤ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਮਾਲ ਵਿਭਾਗ ਨੂੰ ਨਰਮੇ ਦੀ ਤਰਜ਼ ਉਤੇ ਗੁਆਰ ਅਤੇ ਸਬਜ਼ੀਆਂ ਦੀ ਫਸਲ ਵੀ ਮੁਆਵਜ਼ਾ ਮੁਹੱਈਆ ਕਰਵਾਉਣ ਦੇ ਘੇਰੇ ਵਿਚ ਹੀ ਲਿਆਉਣ ਦੇ ਪਹਿਲਾਂ ਹੀ ਹੁਕਮ ਦਿੱਤੇ ਹਨ ਕਿਉਂਕਿ ਇਨ੍ਹਾਂ ਫਸਲਾਂ ਨੂੰ ਵੀ ਚਿੱਟੀ ਮੱਖੀ ਦੇ ਹਮਲੇ ਕਾਰਨ ਭਾਰੀ ਨੁਕਸਾਨ ਹੋਇਆ ਹੈ।
ਕਿਸਾਨਾਂ ਨੂੰ ਜਾਅਲੀ ਕੀਟਨਾਸ਼ਕ ਸਪਲਾਈ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਗੱਲ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਮਾਸੂਮ ਕਿਸਾਨਾਂ ਨੂੰ ਜਾਅਲੀ ਕੀਟਨਾਸ਼ਕ ਸਪਲਾਈ ਕਰਨ ਵਾਲੇ ਡੀਲਰਾਂ ਵਿਰੁੱਧ ਤੁਰੰਤ ਸਖਤ ਕਾਰਵਾਈ ਕਰਨ ਵਾਸਤੇ ਡਾਇਰੈਕਟਰ ਬਿਓਰੋ ਆਫ ਇੰਵੈਸਟੀਗੇਸ਼ਨ ਨੂੰ ਆਖਿਆ ਹੈ। ਸ. ਬਾਦਲ ਨੇ ਕਿਹਾ ਕਿ ਜਿਨ੍ਹਾਂ ਡੀਲਰਾਂ ਨੇ ਨਰਮੇ ਅਤੇ ਹੋਰ ਫਸਲਾਂ ਨਾਲ ਖਿਲਵਾੜ ਕੀਤਾ ਹੈ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।
ਗੌਰਤਲਬ ਹੈ ਕਿ ਸੂਬਾ ਪੁਲਿਸ ਵਿਭਾਗ ਨੇ ਪਹਿਲਾਂ ਹੀ ਮਾਲਵਾ ਪੱਟੀ ਦੇ ਡੀਲਰਾਂ ਕੋਲੋਂ ਕੀਟਨਾਸ਼ਕਾਂ ਦੇ 208 ਸੈਂਪਲ ਲਏ ਹਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਦੋਸ਼ੀ ਸਪਲਾਇਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਵਿਚ ਹਾਜ਼ਰ ਹੋਰਨਾਂ ‘ਚ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਸੁਰੇਸ਼ ਕੁਮਾਰ, ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਗਗਨਦੀਪ ਸਿੰਘ ਬਰਾੜ ਅਤੇ ਵਿਸ਼ੇਸ਼ ਸਕੱਤਰ ਖੇਤੀਬਾੜੀ ਸ੍ਰੀ ਦਲਜੀਤ ਸਿੰਘ ਵੀ ਸ਼ਾਮਲ ਸਨ।

Facebook Comment
Project by : XtremeStudioz