Close
Menu

ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

-- 01 August,2015

*ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਕੇਂਦਰ ਸਰਕਾਰ ਦਿਲ ਖੋਲ• ਕੇ ਮਦਦ ਦੇਵੇ-ਬਾਦਲ
*ਦੀਨਾਨਗਰ ਅੱਤਵਾਦੀ ਹਮਲੇ ਦੌਰਾਨ ਪੰਜਾਬ ਪੁਲਿਸ ਵੱਲੋਂ ਦਿਖਾਏ ਹੌਂਸਲੇ ਤੇ ਜਜ਼ਬੇ ਦੀ ਭਰਪੂਰ ਸ਼ਲਾਘਾ
*ਸੰਜੀਦਾ ਮਸਲਿਆਂ ‘ਤੇ ਰਾਜਸੀ ਪਾਰਟੀਆਂ ਨੂੰ ਸਿਆਸਤ ਨਾ ਖੇਡਣ ਦੀ ਅਪੀਲ
*ਦੇਸ਼ ਦੇ ਅਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਧ ਯੋਗਦਾਨ
*ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਾਉਣ ਦਾ ਕੰਮ ਛੇਤੀ ਸ਼ੁਰੂ ਹੋਵੇਗਾ

ਸੁਨਾਮ, ਸੰਗਰੂਰ 1 ਅਗਸਤ- ਦੀਨਾਨਗਰ ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਪੰਜਾਬ ਪੁਲਿਸ ਵੱਲੋਂ ਦਿਖਾਈ ਬਹਾਦਰੀ ਤੇ ਹੌਂਸਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਪੁਲਿਸ ਦੇ ਆਧੁਨਿਕੀਕਰਨ ਲਈ ਫਰਾਖਦਿਲੀ ਨਾਲ ਮਦਦ ਅਤੇ ਸਹਿਯੋਗ ਦਿੱਤਾ ਜਾਵੇ ਤਾਂ ਕਿ ਦੇਸ਼ ਦੀ ਆਨ ਤੇ ਸ਼ਾਨ ਨੂੰ ਚੁਣੌਤੀ ਦੇਣ ਵਾਲੀ ਕੋਈ ਵੀ ਤਾਕਤ ਸਿਰ ਨਾ ਚੁੱਕ ਸਕੇ।
ਅੱਜ ਇੱਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦ ਦਿਹਾੜੇ ਮੌਕੇ ਉਨ•ਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਬਾਦਲ ਨੇ ਕਿਹਾ ਕਿ ਪੰਜਾਬ ਨਿਰੋਲ ਸਰਹੱਦੀ ਸੂਬਾ ਹੋਣ ਕਰਕੇ ਇਸ ਦੀਆਂ ਪ੍ਰਸਥਿਤੀਆਂ ਅਤੇ ਹਾਲਾਤ ਦੂਜੇ ਸੂਬਿਆਂ ਨੂੰ ਵੱਖਰੇ ਹਨ ਜਿਸ ਕਰਕੇ ਕੇਂਦਰ ਸਰਕਾਰ ਵੱਲੋਂ ਪੁਲਿਸ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ ਤੌਰ ‘ਤੇ ਮਦਦ ਮੁਹੱਈਆ ਕਰਵਾਈ ਜਾਵੇ।  ਉਨ•ਾਂ ਆਖਿਆ ਕਿ ਦੀਨਾਨਗਰ ਵਿੱਚ ਅੱਤਵਾਦੀ ਹਮਲੇ ਵਿਰੁੱਧ ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਅਤੇ ਅਫ਼ਸਰਾਂ ਨੇ ਸਮਰਪਣ ਤੇ ਵਚਨਬੱਧਤਾ ਨਾਲ ਡਿਊਟੀ ਨਿਭਾ ਕੇ ਆਪਣੀ ਬਿਹਤਰੀਨ ਕੁਸ਼ਲਤਾ ਦਾ ਪ੍ਰਗਟਾਵਾ ਕੀਤਾ ਹੈ। ਉਨ•ਾਂ ਕਿਹਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਵੀ ਪੰਜਾਬ ਪੁਲਿਸ ਦੀ ਦਲੇਰਾਨਾ ਕਾਰਗੁਜ਼ਾਰੀ ਦੀ ਭਰਵੀਂ ਸ਼ਲਾਘਾ ਕੀਤੀ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਸਰਕਾਰ ਉਪਰ ਆਈ.ਬੀ. ਦਾ ਐਲਾਰਟ ਜਾਰੀ ਹੋਣ ‘ਤੇ ਵੀ ਕੋਈ ਗੌਰ ਨਾ ਕਰਨ ਦੇ ਲਾਏ ਦੋਸ਼ ਬਾਰੇ ਪੁੱਛੇ ਸਵਾਲ ਦੇ ਜਵਾਬ ‘ਚ ਮੁੱਖ ਮੰਤਰੀ ਨੇ ਇਨ•ਾਂ ਦੋਸ਼ਾਂ ਨੂੰ ਨਿਰਆਧਾਰ ਦੱਸਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨਾਲ ਜੁੜੇ ਇਸ ਸੰਜੀਦੇ ਮਸਲੇ ‘ਤੇ ਸਿਆਸਤ ਨਾ ਖੇਡੀ ਜਾਵੇ। ਉਨ•ਾਂ ਕਿਹਾ ਕਿ ਦੇਸ਼ ਦੀ ਅਮਨ ਸਾਂਤੀ ਤੇ ਭਾਈਚਾਰਕ ਸਾਂਝ ਨੂੰ ਖਤਰੇ ਵਿੱਚ ਪਾਉਣ ਵਾਲੀਆਂ ਤਾਕਤਾਂ ਖਿਲਾਫ਼ ਇਕਜੁਟਤਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ ਅਤੇ ਸਿਆਸਤਦਾਨਾਂ ਨੂੰ ਘੱਟੋ ਘੱਟ ਅਜਿਹੇ ਮਸਲਿਆਂ ਦੇ ਸਿਆਸਤ ਨਹੀਂ ਕਰਨੀ ਚਾਹੀਦੀ।
ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਅੱਜ ਸਾਡਾ ਮੁਲਕ ਅਜਿਹੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ•ਾਂ ਕਿਹਾ ਅਜਿਹੇ ਮਹਾਨ ਸੂਰਬੀਰਾਂ ਦੀ ਯਾਦ ਤਾਜ਼ਾ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਮਹਾਨ ਸ਼ਾਹਦਤਾਂ ਤੋਂ ਜਾਣੂੰ ਹੋ ਸਕਣ। ਉਨ•ਾਂ ਕਿਹਾ ਕਿ ਪੰਜਾਬੀਆਂ ਦੀਆਂ ਲਾਮਿਸਾਲ ਕੁਰਬਾਨੀਆਂ ਨੇ ਦੇਸ਼ ਦੇ ਅਜ਼ਾਦੀ ਸੰਘਰਸ਼ ਵਿੱਚ ਇਕ ਨਵੀਂ ਰੂਹ ਫੂਕੀ ਸੀ ਜਿਸ ਨਾਲ ਬਰਤਾਨਵੀ ਹਕੂਮਤ ਦਾ ਮੁਲਕ ਵਿੱਚੋਂ ਅੰਤ ਹੋ ਗਿਆ ਸੀ। ਉਨ•ਾਂ ਕਿਹਾ ਅਜ਼ਾਦੀ ਦੀ ਲੜਾਈ ਵਿੱਚ ਸ਼ਹੀਦ-ਏ- ਅਜ਼ਾਮ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਲਾਲਾ ਲਾਜਪਤ ਰਾਏ ਵਰਗੇ ਬਹਾਦਰ ਪੰਜਾਬੀਆਂ ਨੇ ਲਾਮਿਸਾਲ ਕੁਰਬਾਨੀਆਂ ਕੀਤੀਆ। ਉਨ•ਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਫਾਂਸੀ ਦਾ ਰੱਸਾ ਚੁੰਮਣ ਵਾਲੇ, ਉਮਰ ਕੈਦ ਕੱਟਣ ਵਾਲੇ ਅਤੇ ਕਾਲੇ ਪਾਣੀ ਦੀਆਂ ਸਜ਼ਾਵਾਂ ਕੱਟਣ ਵਾਲਿਆਂ ਵਿੱਚ 80 ਫ਼ੀਸਦੀ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ। ਉਨ•ਾਂ ਕਿਹਾ ਕਿ ਆਜ਼ਾਦੀ ਸੰਘਰਸ਼ ਲਈ ਆਪਣਾ ਮਹਾਨ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਜਲੰਧਰ ਜ਼ਿਲ•ੇ ਵਿੱਚ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਸਾਡੇ ਸੂਰਬੀਰਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਮੂਰਤੀਮਾਨ ਕਰੇਗੀ।
ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਯਾਦਗਾਰ ਬਣਾਉਣ ਸੰਬੰਧੀ ਸ. ਬਾਦਲ ਨੇ ਆਖਿਆ ਕਿ ਯਾਦਗਾਰ ਬਣਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ ਅਤੇ ਇਸ ਲਈ ਢੁੱਕਵੀਂ ਥਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ•ਾਂ ਮੌਕੇ ‘ਤੇ ਹੀ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਜਲਦੀ ਤੋਂ ਜਲਦੀ ਢੁਕਵੀਂ ਥਾਂ ਲੱਭਣ ਲਈ ਆਖਿਆ ਤਾਂ ਕਿ ਯਾਦਗਾਰ ਦਾ ਕੰਮ ਸ਼ੁਰੂ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਸਾਬਕਾ ਰਾਸ਼ਟਰਪਤੀ ਏ.ਪੀ.ਜੇ.ਅਬਦੁਲ ਕਲਾਮ ਦੀ ਯਾਦ ਵਿੱਚ ਹਫ਼ਤਾ ਭਰ ਲੰਮੇ ਕੌਮੀ ਸੋਗ ਦੇ ਮੱਦੇਨਜ਼ਰ ਅੱਜ ਇਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਰੋਹ ਨਹੀ ਕੀਤਾ ਗਿਆ ਅਤੇ ਇਸ ਸਮਾਰੋਹ ਬਾਰੇ ਤਾਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯੂਥ ਅਕਾਲੀ ਦਲ ਮਾਲਵਾ ਜੋਨ-2 ਵੱਲੋਂ ਲਗਾਏ ਗਏ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਵੀ ਦੌਰਾ ਕੀਤਾ। ਇਸ ਮੌਕੇ ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਪ੍ਰਧਾਨ ਸ੍ਰੀ ਹਰਪਾਲ ਜੁਨੇਜਾ ਨੇ ਸ. ਬਾਦਲ ਨੂੰ ਕੈਂਪ ਵਿੱਚ ਪਹੁੰਚੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ, ਸੀਨੀਅਰ ਅਕਾਲੀ ਆਗੂ ਸ. ਬਲਵੰਤ ਸਿੰਘ ਰਾਮੂਵਾਲੀਆਂ, ਵਿਧਾਇਕ ਸ. ਗੋਬਿੰਦ ਸਿੰਘ ਲੌਂਗੋਵਾਲ ਤੇ ਇਕਬਾਲ ਸਿੰਘ ਝੂੰਦਾਂ, ਪੰਜਾਬ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਸ. ਰਵਿੰਦਰ ਸਿੰਘ ਚੀਮਾ, ਮੁੱਖ ਮੰਤਰੀ ਦੇ ਵਿਸ਼ੇਸ ਪ੍ਰਮੱਖ ਸਕੱਤਰ ਡਾ. ਐਸ.ਕਰਣਾ ਰਾਜੂ, ਵਾਈਸ ਚੇਅਰਮੈਨ ਸ. ਵਿਨਰਜੀਤ ਸਿੰਘ ਗੋਲਡੀ, ਸ. ਤੇਜਾ ਸਿੰਘ ਕਮਾਲਪੁਰ ਜ਼ਿਲ•ਾ ਪ੍ਰਧਾਨ ਸ਼੍ਰੋਮ•ਣੀ ਅਕਾਲੀ  ਦਲ, ਸ. ਗੁਰਮੀਤ ਸਿੰਘ ਜੌਹਲ, ਸ੍ਰੀ ਪ੍ਰੇਮ ਕੁਮਾਰ ਗੁਗਲਾਨੀ, ਡਿਪਟੀ ਕਮਿਸ਼ਨਰ ਸ.ਅਰਸ਼ਦੀਪ ਸਿੰਘ ਥਿੰਦ, ਜ਼ਿਲ•ਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ, ਸ. ਹਰਪ੍ਰੀਤ ਸਿੰਘ ਢੀਂਡਸਾ ਯੂਥ ਆਗੂ ਅਤੇ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।

Facebook Comment
Project by : XtremeStudioz