Close
Menu

ਮੁੱਖ ਮੰਤਰੀ ਵੱਲੋਂ ਸੂਬੇ ਦੇ ਨਰਮਾਂ ਉਤਪਾਦਕਾਂ ਨੂੰ 600 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ

-- 29 September,2015

ਛਪਾਰ (ਲੁਧਿਆਣਾ), 29 ਸਤੰਬਰ (000)-ਸੂਬੇ ਦੇ ਕਿਸਾਨਾਂ ਦੀ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਚਿੱਟੀ ਮੱਖੀ ਕਾਰਨ ਨੁਕਸਾਨੇ ਗਏ ਨਰਮੇ ਦੇ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ 600 ਕਰੋੜ ਰੁਪਏ ਮੁਆਵਜ਼ੇ ਵਜੋਂ ਵੰਡੇ ਜਾਣਗੇ। ਅੱਜ ਮੇਲਾ ਛਪਾਰ ਵਿਖੇ ਰਾਜਸੀ ਕਾਨਫਰੰਸ ਦੌਰਾਨ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਉਹ ਸੂਬੇ ਵਿੱਚ ਨਰਮੇ ‘ਤੇ ਚਿੱਟੀ ਮੱਖੀ ਦੇ ਹਮਲੇ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਤੋਂ ਭਲੀ ਭਾਂਤ ਜਾਣੂ ਹਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਬੀਤੀ ਰਾਤ ਅਫ਼ਸਰਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਪ੍ਰਭਾਵਿਤ ਕਿਸਾਨਾਂ ਨੂੰ 600 ਕਰੋੜ ਰੁਪਏ ਦਾ ਮੁਆਵਜ਼ਾ ਵੰਡਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਆਰੰਭ ਕੇ ਇਹ ਮੁਆਵਜ਼ਾ ਪ੍ਰਭਾਵਿਤ ਕਿਸਾਨਾਂ ਨੂੰ ਵੰਡਿਆ ਜਾਵੇਗਾ, ਤਾਂ ਜੋ ਕਿ ਇਸ ਮੁਸੀਬਤ ਦੀ ਘੜੀ ਵਿੱਚ ਸਹਾਰਾ ਦਿੱਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਅਟੱਲ ਸੱਚਾਈ ਹੈ ਕਿ ਜਦੋਂ ਕਿਤੇ ਵੀ ਕਿਸਾਨਾਂ ‘ਤੇ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਪਈ ਹੈ ਤਾਂ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਹੀ ਉਨ੍ਹਾਂ ਦੀ ਬਾਂਹ ਫੜੀ ਹੈ। ਇਸ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਅੱਠ ਸਾਲਾਂ ਤੋਂ ਵੱਧ ਸਮੇਂ ਦੌਰਾਨ ਸੂਬਾ ਸਰਕਾਰ ਨੇ ਕਿਸਾਨਾਂ ਨੂੰ 28 ਹਜ਼ਾਰ ਕਰੋੜ ਰੁਪਏ ਤੋਂ ਵਧੇਰੇ ਦੀ ਮੁਫ਼ਤ ਬਿਜਲੀ ਦਿੱਤੀ ਹੈ। ਜਿਸਦੀ ਅਣਹੋਂਦ ਵਿੱਚ ਕਿਸਾਨਾਂ ਦੀ ਜੇਬ ‘ਤੇ ਵੱਡਾ ਭਾਰ ਪੈਣਾ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਇਸੇ ਸਾਲ ਜਦੋਂ ਮੀਂਹ ਕਾਰਨ ਕਣਕ ਦੀ ਫਸਲ ਤਬਾਹ ਹੋ ਗਈ ਸੀ ਤਾਂ ਉਨ੍ਹਾਂ ਨੇ ਪੁਰਜ਼ੋਰ ਯਤਨ ਕਰਕੇ ਇਹ ਯਕੀਨੀ ਬਣਾਇਆ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਤੋਂ ਅਦਾਇਗੀ ਕਰਾ ਕੇ ਕਿਸਾਨਾਂ ਦੇ ਹਿੱਤ ਸੁਰੱਖਿਅਤ ਕੀਤੇ ਜਾ ਸਕਣ।
ਕਾਂਗਰਸ ਪਾਰਟੀ ‘ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਸੂਬੇ ਦਾ ਕਿਸਾਨ 32 ਹਜ਼ਾਰ ਕਰੋੜ ਦੇ ਕਰਜ਼ੇ ਥੱਲੇ ਦੱਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਵਾਰ-ਵਾਰ ਸਾਬਿਤ ਹੋ ਚੁੱਕਾ ਹੈ ਕਿ ਕਾਂਗਰਸ ਪਾਰਟੀ ਨੇ ਕਿਸਾਨਾਂ ਦੇ ਮਸਲਿਆਂ ‘ਤੇ ਸਿਵਾਏ ਮਗਰਮੱਛ ਦੇ ਹੰਝੂ ਵਹਾਉਣ ਤੋਂ ਹੋਰ ਕੁਝ ਨਹੀਂ ਕੀਤਾ। ਸ੍ਰ. ਬਾਦਲ ਨੇ ਕਿਹਾ ਕਿ ਪੰਜਾਬੀ ਖਾਸ ਕਰਕੇ ਸਿੱਖ, ਕਾਂਗਰਸ ਪਾਰਟੀ ਵੱਲੋਂ ਕਮਾਏ ਪੰਜਾਬ ਵਿਰੋਧੀ ਧ੍ਰੋਹ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਸਿੱਖਾਂ ਦੇ ਸਮਾਜਿਕ, ਆਰਥਿਕ, ਰਾਜਸੀ ਅਤੇ ਇਥੋਂ ਤੱਕ ਧਾਰਮਿਕ ਮਸਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕੀਤੀ ਹੈ, ਜਿਸਦੀ ਜਿਉਂਦੀ ਜਾਗਦੀ ਮਿਸਾਲ ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲਾ ਤੇ 1984 ‘ਚ ਬੇਗੁਨਾਹ ਸਿੱਖਾਂ ਦਾ ਕਤਲੇਆਮ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਇਨ੍ਹਾਂ ਪਾਪਾਂ ਲਈ ਕਦੇ ਵੀ ਨਹੀਂ ਬਖ਼ਸ਼ਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਂਗਰਸ ਦੀਆਂ ਕੇਂਦਰ ਸਰਕਾਰਾਂ ਨੇ ਪੰਜਾਬ ਨੂੰ ਪੰਜਾਬੀ ਬੋਲਦੇ ਇਲਾਕਿਆਂ, ਉਸਦੀ ਰਾਜਧਾਨੀ ਚੰਡੀਗੜ੍ਹ ਅਤੇ ਪਾਣੀਆਂ ਵਿੱਚ ਉਸਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਦੇ ਇਨ੍ਹਾਂ ਰਵੱਈਆਂ ਕਾਰਨ ਪੰਜਾਬ ਦੇ ਇਹ ਭਖਦੇ ਮਸਲੇ ਅੱਜ ਵੀ ਹੱਲ ਨਹੀਂ ਹੋ ਸਕੇ ਹਨ। ਪਰ ਅਕਾਲੀ ਦਲ ਇਨ੍ਹਾਂ ਮਸਲਿਆਂ ਨੂੰ ਹੱਲ ਕਰਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ ਅਤੇ ਇਸ ਟੀਚੇ ਲਈ ਸੰਘਰਸ਼ ਜਾਰੀ ਰਹੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲਾਂਕਿ ਕਿਸੇ ਵੀ ਸਰਕਾਰ ਦੀ ਕਾਰਜ ਪ੍ਰਣਾਲੀ ਨੂੰ ਪਰਖਣ ਲਈ ਇੱਕ ਸਾਲ ਦਾ ਸਮਾਂ ਬਹੁਤ ਘੱਟ ਹੁੰਦਾ ਹੈ ਪਰ ਫਿਰ ਵੀ ਪੰਜਾਬ ਬੀਤੇ ਇਕ ਸਾਲ ਦੌਰਾਨ ਕੇਂਦਰ ਦੀ ਐੱਨ. ਡੀ. ਏ. ਸਰਕਾਰ ਦੇ ਰਾਜ ਦੌਰਾਨ ਬਹੁਤ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਕ ਸਾਲ ਦੇ ਸਮੇਂ ਦੌਰਾਨ ਪੰਜਾਬ ਨੂੰ ਏਮਜ਼, ਆਈ. ਆਈ. ਐੱਮ., ਪੋਸਟ ਗ੍ਰੇਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਰਿਸਰਚ ਅਤੇ ਹਰਿਦੇ ਯੋਜਨਾ ਰਾਹੀਂ ਸ਼੍ਰੀ ਅੰਮ੍ਰਿਤਸਰ ਦੇ ਵਿਕਾਸ ਲਈ ਬੇਅੰਤ ਫੰਡ ਹਾਸਿਲ ਕੀਤੇ ਹਨ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਪੂਰੀ ਤਰ੍ਹਾਂ ਨਾਲ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਭਾਜਪਾ ਤੋਂ ਅਲੱਗ ਹੋਣ ਬਾਰੇ ਕਦੇ ਵੀ ਨਹੀਂ ਸੋਚ ਸਕਦਾ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਲਈ ਇੱਕ ਵੀ ਬੂੰਦ ਫਾਲਤੂ ਪਾਣੀ ਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹੋਰ ਸੂਬੇ ਨੂੰ ਪਾਣੀ ਦੇਣ ਬਾਰੇ ਸਵਾਲ ਹੀ ਪੈਦਾ ਨਹੀਂ ਹੁੰਦਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ, ਹਲਕਾ ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਵਿਧਾਇਕ ਸ੍ਰੀ ਐੱਸ. ਆਰ. ਕਲੇਰ, ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਵਿਧਾਇਕ ਸ੍ਰ. ਇਕਬਾਲ ਸਿੰਘ ਝੂੰਦਾਂ, ਸਾਬਕਾ ਮੰਤਰੀ ਸ੍ਰ. ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਸ੍ਰ. ਜਗਦੀਸ਼ ਸਿੰਘ ਗਰਚਾ, ਸਾਬਕਾ ਵਿਧਾਇਕ ਸ੍ਰ. ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਸ੍ਰ. ਜਗਜੀਵਨ ਸਿੰਘ ਖੀਰਨੀਆਂ, ਸਾਬਕਾ ਵਿਧਾਇਕ ਸ੍ਰ. ਬਿਕਰਮਜੀਤ ਸਿੰਘ ਖਾਲਸਾ, ਅਧੀਨ ਸੇਵਾਵਾਂ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰ. ਅਮਰੀਕ ਸਿੰਘ ਆਲੀਵਾਲ, ਸ੍ਰ. ਜਗਜੀਤ ਸਿੰਘ ਤਲਵੰਡੀ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਐੱਸ. ਕਰੁਣਾ ਰਾਜੂ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਸ੍ਰ. ਮੀਤਪਾਲ ਸਿੰਘ, ਸ੍ਰ. ਪ੍ਰਭਜੋਤ ਸਿੰਘ ਧਾਲੀਵਾਲ, ਸ੍ਰ. ਤਨਵੀਰ ਸਿੰਘ ਧਾਲੀਵਾਲ, ਸ੍ਰ. ਮਨਪ੍ਰੀਤ ਸਿੰਘ ਤਲਵੰਡੀ, ਸ੍ਰ. ਮਨਪ੍ਰੀਤ ਸਿੰਘ ਬੁੱਟਰ ਨੱਥੋਵਾਲ ਅਤੇ ਹੋਰ ਹਾਜ਼ਰ ਸਨ।

Facebook Comment
Project by : XtremeStudioz