Close
Menu

ਮੰਗਲ ਸਿੰਘ ਵਿਰੁੱਧ ਸੀ.ਬੀ.ਆਈ. ਜਾਂਚ ਕਰਵਾਏ ਕੇਂਦਰ: ਜਾਖੜ

-- 03 October,2015

ਜਲੰਧਰ, 3 ਅਕਤੂਬਰ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਨੀਲ ਜਾਖੜ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਖੇਤੀਬਾਡ਼ੀ ਵਿਭਾਗ ਦੇ ਡਾਇਕੈਰਟਰ ਮੰਗਲ ਸਿੰਘ ਵਿਰੁੱਧ ਸੀ.ਬੀ.ਆਈ. ਜਾਂਚ ਕਰਵਾਏ ਤਾਂ ਜੋ ਕਿਸਾਨਾਂ ਨੂੰ ਇਨਸਾਫ਼ ਮਿਲ ਸਕੇ। ਉਹ ਅੱਜ ਇੱਥੇ ਸਰਕਟ ਹਾਊਸ ’ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਕਥਿਤ ਤੌਰ ’ਤੇ ਤਬਾਹ ਕਰਨ ਵਾਲੇ ਖੇਤੀਬਾਡ਼ੀ ਡਾਇਰੈਕਟਰ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ੳੁਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੀ ਕਮਜ਼ੋਰੀ ਲੁਕਾਉਣ ਲਈ ਜਾਂਚ ਨਹੀਂ ਕਰਵਾਉਣਾ ਚਾਹੁੰਦੀ ਜਦਕਿ ਪੰਜਾਬ ਦਾ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਬਸਿਡੀ ’ਤੇ ਦਿੱਤੀ ਜਾ ਰਹੀ ਕੀੜੇਮਾਰ ਦਵਾਈ ਦਾ ਪੱਧਰ ਵੀ ਹਲਕਾ ਹੈ ਅਤੇ ਬਾਜ਼ਾਰ ਨਾਲੋਂ ਦਵਾਈ ਦੀ ਕੀਮਤ ਵੀ ਵੱਧ ਹੈ। ਇਸ ਸਬੰਧੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦਵਾਈਆਂ ਦੀ ਖਰੀਦ ਸਬੰਧੀ ਚਾਰ ਮੈਂਬਰੀ ਟੀਮ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ, ਜੋ ਸਰਕਾਰ ਨੇ ਠੁਕਰਾ ਦਿੱਤੀ।
ਸ੍ਰੀ ਜਾਖੜ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਬਾਸਮਤੀ ’ਤੇ ਸੱਤ ਫੀਸਦੀ ਟੈਕਸ ਲਾਉਣ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵੀ ਮਾੜੀ ਹੋ ਜਾਵੇਗੀ। ਇਸ ਨਾਲ ਫ਼ਸਲ ਖਰੀਦਣ ਵਿੱਚ ਕਾਲਾਬਾਜ਼ਾਰੀ ਹੋਰ ਵਧੇਗੀ। ਇਸ ਮਾਮਲੇ ਵਿੱਚ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਲੲੀ ਕਿਹਾ।
ਸ੍ਰੀ ਜਾਖੜ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ’ਤੇ ਵਰ੍ਹਦਿਆਂ ਕਿਹਾ ਕਿ ਚੋਣ ਲੜਨ ਲਈ ਉਨ੍ਹਾਂ ਨੂੰ ਪੰਜਾਬ ਚੇਤੇ ਆ ਜਾਂਦਾ ਹੈ ਅਤੇ ਹੁਣ ਬਿਹਾਰ ਦੇ ਕਿਸਾਨਾਂ ਨੂੰ ਬਿਨਾਂ ਵਿਆਜ ਤੋਂ ਕਰਜ਼ਾ ਦੇਣ ਦੀ ਬਿਆਨਬਾਜ਼ੀ ਕਰ ਰਹੇ ਹਨ। ੳੁਨ੍ਹਾਂ ਸ੍ਰੀ ਜੇਤਲੀ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੂੰ ਹੁਣ ਪੰਜਾਬ ਦੇ ਕਿਸਾਨ ਨਜ਼ਰ ਨਹੀਂ ਆ ਰਹੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਪੈਕੇਜ ਦੇ ਨਾਲ ਨਾਲ ਹੋਰ ਸਹੂਲਤਾਂ ਦੇਣ ਦਾ ਐਲਾਨ ਕੀਤਾ ਜਾਵੇ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਭਾਜਪਾ ਆਗੂ ਨੇ ਕਿਸਾਨਾਂ ਦਾ ਹਾਲ ਤਾਂ ਕੀ ਪੁੱਛਣਾ ਸੀ ਬਲਕਿ ਕਿਸਾਨਾਂ ਦੇ ਹੱਕ ਵਿੱਚ ਕੋਈ ਬਿਆਨ ਵੀ ਨਹੀਂ ਦਿੱਤਾ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖਰੀ ਪਾਰਟੀ ਬਣਾਏ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਜਾਖੜ ਨੇ ਕਿਹਾ ਕਿ ਇਹੋ ਜਿਹੀ ਕੋਈ ਗੱਲ ਨਹੀਂ ਹੈ ਅਤੇ ਪਾਰਟੀ ਵਿੱਚ ਸਾਰੇ ਇਕਜੁੱਟ ਹਨ। ਇਸ ਮੌਕੇ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਅਤੇ ਦਿਹਾਤੀ ਦੇ ਪ੍ਰਧਾਨ ਜਗਬੀਰ ਬਰਾੜ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।

Facebook Comment
Project by : XtremeStudioz