Close
Menu

ਰਾਹੁਲ ਗਾਂਧੀ ਦੀ ਮੋਗਾ ਰੈਲੀ ਨਾ ਜਵਾਨਾਂ ਅਤੇ ਨਾ ਕਿਸਾਨਾਂ ਲਈ ਖ਼ੁਸ਼ੀ ਲਿਆਈ-ਹਰਪਾਲ ਚੀਮਾ

-- 08 March,2019

ਚੰਡੀਗੜ੍ਹ, 8 ਮਾਰਚ, 2019

ਕਾਂਗਰਸ ਪਾਰਟੀ ਵੱਲੋਂ ਸਰਕਾਰੀ ਖ਼ਜ਼ਾਨੇ ਦੀ ਅੰਨ੍ਹੇਵਾਹ ਦੁਰਵਰਤੋਂ ਕਰ ਕੇ ਮੋਗਾ ਵਿਖੇ ਰਾਹੁਲ ਗਾਂਧੀ ਦੀ ਕੀਤੀ ਗਈ ਰੈਲੀ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਵੱਲੋਂ ਆਪਣੇ ਰਾਸ਼ਟਰੀ ਪ੍ਰਧਾਨ ਲਈ ਰੱਖੀ ਰੈਲੀ ਉੱਤੇ ਪੰਜਾਬ ਦੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨੂੰ ਖ਼ਰਚ ਕੇ ਪੰਜਾਬ ਦੇ ਕਿਸਾਨਾਂ ਨੌਜਵਾਨਾਂ ਦਲਿਤਾਂ ਅਤੇ ਹੋਰ ਵਰਗਾਂ ਨਾਲ ਧੋਖਾ ਹੈ।

ਚੰਡੀਗੜ੍ਹ ਵਿਖੇ ਸਥਿਤ ਆਪ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਚੀਮਾ ਨੇ ਕਿਹਾ ਕਿ ਨੌਜਵਾਨਾਂ ਅਤੇ ਕਿਸਾਨਾਂ ਦਾ ਨਾਮ ਵਰਤ ਕੇ ਰੱਖੀ ਗਈ ਰੈਲੀ ਵਿੱਚ ਰਾਹੁਲ ਗਾਂਧੀ ਨੇ ਕਿਸਾਨਾਂ ਅਤੇ ਨੌਜਵਾਨਾਂ ਲਈ ਕੋਈ ਅਗਲਾ ਪ੍ਰੋਗਰਾਮ ਨਹੀਂ ਉਲੀਕਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਪੰਜਾਬ ਦੇ ਲੋਕਾਂ ਦਾ ਪੈਸਾ ਖ਼ਰਚ ਕੇ ਕਾਂਗਰਸ ਪਾਰਟੀ ਦੀ ਵਾਹੋ ਵਾਹੀ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਰੈਲੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਝੂਠ ਬੋਲਣ ਉੱਤੇ ਟਿੱਪਣੀ ਕਰਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਇਸ ਸਮੇਂ ਭਾਰੀ ਕਰਜ਼ੇ ਦੀ ਮਾਰ ਝੱਲ ਰਹੇ ਹਨ ਪ੍ਰੰਤੂ ਸਰਕਾਰ ਉਨ੍ਹਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਕੋਈ ਵੀ ਅਗਾਂਹਵਧੂ ਯੋਜਨਾ ਦਾ ਐਲਾਨ ਨਾ ਕਰ ਕੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਖਿਲਵਾੜ ਕੀਤਾ ਹੈ।

ਪੰਜਾਬ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਆਏ ਦਿਨ ਹੋ ਰਹੀਆਂ ਆਤਮ ਹੱਤਿਆਵਾਂ ਉੱਤੇ ਚਿੰਤਾ ਜ਼ਾਹਿਰ ਕਰਦਿਆਂ ਚੀਮਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕਾਂ ਲਈ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ ਕਰ ਰਹੀ ਹੈ। ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਸਰਕਾਰ ਵੱਲੋਂ ਕੀਤੀ ਗਈ ਵਾਅਦਾ ਖ਼ਿਲਾਫ਼ੀ ਦਾ ਮੁੱਦਾ ਜ਼ੋਰ ਸ਼ੋਰ ਨਾਲ ਚੁੱਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਰੇਲ ਅਤੇ ਸੜਕੀ ਆਵਾਜਾਈ ਰੋਕਣ ਲਈ ਵੀ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਹੈ।

ਚੀਮਾ ਨੇ ਕਿਹਾ ਕਿ ਕਰਜ਼ੇ ਦੀ ਭਾਰੀ ਮਾਰ ਝੱਲ ਰਹੇ ਅਤੇ ਸਕੀਮਾਂ ਲਾਗੂ ਕਰਨ ਦੌਰਾਨ ਖ਼ਜ਼ਾਨਾ ਖ਼ਾਲੀ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਨੇ ਰਾਹੁਲ ਗਾਂਧੀ ਦੀ ਰੈਲੀ ਉੱਤੇ ਕਰੋੜਾਂ ਰੁਪਏ ਖ਼ਰਚ ਕਰ ਕੇ ਸੂਬੇ ਦੇ ਲੋਕਾਂ ਦਾ ਹੱਕ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸਟੇਜਾਂ ਤੋਂ ਝੂਠੇ ਨਾਅਰੇ ਮਾਰਨ ਦੀ ਥਾਂ ਜੇਕਰ ਇਹ ਪੈਸਾ ਉਨ੍ਹਾਂ ਨੂੰ ਦਿੱਤਾ ਜਾਂਦਾ ਤਾਂ ਸ਼ਾਇਦ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਆਤਮ ਹੱਤਿਆਵਾਂ ਨੂੰ ਰੋਕਣ ਵਿੱਚ ਸਹਾਈ ਸਿੱਧ ਹੁੰਦਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੀ ਵਾਹੋ ਵਾਹੀ ਖੱਟਣ ਨਾਲੋਂ ਸੂਬੇ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਬਾਂਹ ਫੜੇ।

Facebook Comment
Project by : XtremeStudioz