Close
Menu

ਲਘੂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਮਿੱਤਲ

-- 21 December,2013

PSIEC Chairman Picਚੰਡੀਗੜ੍ਹ,21 ਦਸੰਬਰ (ਦੇਸ ਪ੍ਰਦੇਸ ਟਾਈਮਜ਼)- ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਸ਼ਕਤੀ ਸ਼ਰਮਾ ਨੇ ਅੱਜ ਇਥੇ ਸੈਕਟਰ-17 ਸਥਿਤ ਉਦਯੋਗ ਭਵਨ ਵਿਖੇ ਉਦਯੋਗ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਸ੍ਰੀ ਮਿੱਤਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਵੱਡੇ ਉਦਯੋਗਿਕ ਘਰਾਣਿਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਤ ਕਰ ਰਹੀ ਹੈ ਉਥੇ ਲਘੂ ਅਤੇ ਦਰਮਿਆਨੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ।
ਸ੍ਰੀ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਪ੍ਰੇਰਨਾ ਸਦਕਾ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਮੀਟ ਕਰਵਾ ਕੇ ਵੱਡੇ ਸਨਅਤਕਰਾਂ ਨੂੰ ਸੂਬੇ ਵੱਲ ਖਿੱਚਿਆ ਹੈ। ਵਿਭਾਗ ਵੱਲੋਂ ਵੀ ਉਦਯੋਗਾਂ ਅਤੇ ਨਿਵੇਸ਼ਕਾਂ ਪੱਖੀ ਨਵੀਂ ਉਦਯੋਗਿਕ ਨੀਤੀ ਬਣਾ ਕੇ ਸੂਬੇ ਵਿੱਚ ਉਦਯੋਗਾਂ ਲਈ ਉਸਾਰੂ ਮਾਹੌਲ ਸਿਰਜਿਆ ਗਿਆ ਹੈ। ਪੰਜਾਬ ਸਰਕਾਰ ਵੱਡੇ ਉਦਯੋਗਾਂ ਦੇ ਨਾਲ ਲਘੂ ਅਤੇ ਦਰਮਿਆਨੇ ਉਦਯੋਗਾਂ ਨੂੰ ਵੀ ਵਿਸ਼ੇਸ਼ ਤਰਜੀਹ ਦੇ ਰਹੀ ਕਿਉਂਕਿ ਇਹ ਉਦਯੋਗ ਆਰਥਿਕਤ ਦੀ ਰੀੜ੍ਹ ਦੀ ਹੱਡੀ ਹੈ।
ਉਦਯੋਗ ਮੰਤਰੀ ਸ੍ਰੀ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਲੁਧਿਆਣਾ, ਬਟਾਲਾ, ਮੰਡੀ ਗੋਬਿੰਦਗੜ੍ਹ ਆਦਿ ਵਿੱਚ ਲਘੂ ਅਤੇ ਦਰਮਿਆਨੇ ਉਦਯੋਗਾਂ ਵਿੱਚ ਮੋਹਰੀ ਸ਼ਹਿਰ ਹੈ ਅਤੇ ਹੁਣ ਲੁਧਿਆਣਾ ਦੇ ਹੀ ਵਸਨੀਕ ਸ਼ਕਤੀ ਸ਼ਰਮਾ ਵਜੋਂ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਨਾਲ ਇਨ੍ਹਾਂ ਉਦਯੋਗਾਂ ਨੂੰ ਹੋਰ ਹੁਲਾਰਾ ਮਿਲੇਗਾ। ਇਸ ਮੌਕੇ ਸ੍ਰੀ ਸ਼ਰਮਾ ਨੇ ਉਦਯੋਗ ਮੰਤਰੀ ਅਤੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸਰਕਾਰ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।
ਇਸ ਮੌਕੇ ਮੁੱਖ ਮੰਤਰੀ ਦੇ ਰਾਜਸੀ ਸਲਾਹਕਾਰ ਸ੍ਰੀ ਤੀਕਸ਼ਣ ਸੂਦ, ਸਹਾਇਕ ਮੀਡੀਆ ਸਲਾਹਕਾਰ ਸ੍ਰੀ ਵਿਨੀਤ ਜੋਸ਼ੀ, ਵਿਧਾਇਕ ਸ੍ਰੀ ਬਲਵਿੰਦਰ ਸਿੰਘ ਬੈਂਸ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ. ਹਰਚਰਨ ਸਿੰਘ ਗੋਹਲਵੜੀਆ, ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਮੈਂਬਰ ਸ੍ਰੀ ਸੁਕੇਸ਼ ਕਾਲੀਆ ਆਦਿ ਹਾਜ਼ਰ ਸਨ।

Facebook Comment
Project by : XtremeStudioz