Close
Menu

ਵਿਰੋਧੀ ਧਿਰਾਂ ਨੇ ਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਜੇਤਲੀ

-- 04 March,2019

ਨਵੀਂ ਦਿੱਲੀ, 4 ਮਾਰਚ
ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਕਿਹਾ ਕਿ ਪਹਿਲਾਂ ਕਾਂਗਰਸ ਨੇ ਮਾੜੀ ਸਰਕਾਰ ਚਲਾਈ ਤੇ ਹੁਣ ਕਾਂਰਗਸ ਮਾੜੀ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਬਿਆਨ ਨਾਲ ਭਾਰਤ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਪਾਕਿਸਤਾਨ ਨੂੰ ਭਾਰਤ ਦੀ ਬੇਇੱਜ਼ਤੀ ਕਰਨ ਦਾ ਮੌਕਾ ਮਿਲਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਦੀ ਅਗਵਾਈ ਹੇਠ 21 ਵਿਰੋਧੀ ਪਾਰਟੀਆਂ ਨੇ ਮਤਾ ਪਾਸ ਕਰਕੇ ਦੋਸ਼ ਲਗਾਇਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁਲਵਾਮਾ ਤੇ ਬਾਲਾਕੋਟ ਘਟਨਾਵਾਂ ਦਾ ਸਿਆਸੀਕਰਨ ਕਰ ਰਹੇ ਹਨ।
ਸ੍ਰੀ ਜੇਤਲੀ ਨੇ ਸੋਸ਼ਲ ਮੀਡੀਆ ’ਤੇ ਲਿਖਿਆ, ‘ਵਿਰੋਧੀ ਧਿਰਾਂ ਵੱਲੋਂ ਦਿੱਤੇ ਗਏ ਬਿਆਨਾਂ ਨਾਲ ਦੇਸ਼ ਕੌਮੀ ਹਿੱਤਾਂ ਨੂੰ ਨੁਕਸਾਨ ਹੋਇਆ ਹੈ। ਵਿਰੋਧੀ ਧਿਰਾਂ ਨੇ ਪਾਕਿਸਤਾਨ ਪ੍ਰਤੀ ਖੁਸ਼ੀ ਜ਼ਾਹਿਰ ਕੀਤੀ ਤੇ ਪਾਕਿਸਤਾਨ ਨੂੰ ਮੌਕਾ ਦਿੱਤਾ ਕਿ ਉਹ ਅਤਿਵਾਦ ਖ਼ਿਲਾਫ਼ ਭਾਰਤ ਦੀ ਲੜਾਈ ਦੀ ਅਹਿਮੀਅਤ ਘਟਾ ਸਕੇ।’ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਬਿਆਨ ਤੋਂ ਬਹੁਤ ਨਮੋਸ਼ੀ ਹੋਈ ਹੈ ਕਿਉਂਕਿ ਉਨ੍ਹਾਂ ਦੇ ਬਿਆਨ ’ਚ ਅਤਿਵਾਦ ਦੀ ਸਮੱਸਿਆ ਦਾ ਕੋਈ ਜ਼ਿਕਰ ਨਹੀਂ ਸੀ।

Facebook Comment
Project by : XtremeStudioz