Close
Menu

ਸ਼ਹੀਦੀ ਜੋੜ ਮੇਲ ਦਾ ਨਾਮ ਅਗਲੇ ਵਰ੍ਹੇ ਤੋਂ ਸ਼ਹੀਦੀ ਸਭਾ ਹੋਵੇਗਾ – ਗਿਆਨੀ ਗੁਰਬਚਨ ਸਿੰਘ

-- 27 December,2013

PHOTO-3ਫਤਹਿਗੜ੍ਹ ਸਾਹਿਬ,27 ਦਸੰਬਰ (ਦੇਸ ਪ੍ਰਦੇਸ ਟਾਈਮਜ਼)- ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਸ਼ਹਿਰ ਫਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜਾ ਸਾਲਾਨਾ ‘ਸ਼ਹੀਦੀ ਜੋੜ ਮੇਲ’ ਅੱਜ ਇੱਥੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ‘ਤੇ ਅਰਦਾਸ ਉਪਰੰਤ ਰਸਮੀ ਤੌਰ ‘ਤੇ ਸਮਾਪਤ ਹੋ ਗਿਆ। ਸਮਾਪਤੀ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਕੌਮ ਦੇ ਨਾਂ ਦਿੱਤੇ ਸੰਦੇਸ਼ ਵਿੱਚ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਯਾਦ ਰੱਖਕੇ ਅਤੇ ਉਨ੍ਹਾਂ ਵੱਲੋਂ ਵਿਖਾਏ ਮਾਰਗ ‘ਤੇ ਚੱਲ ਕੇ ਹੀ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕਦਾ ਹੈ।

ਸਿੰਘ ਸਾਹਿਬ ਨੇ ਆਖਿਆ ਕਿ ਗੁਰੂ ਸਾਹਿਬਾਨ ਵੱਲੋਂ ਆਪਸੀ ਭਾਈਚਾਰੇ ਅਤੇ ਸਦਭਾਵਨਾ ਦੇ ਦਰਸਾਏ ਮਾਰਗ ‘ਤੇ ਚੱਲ ਕੇ ਹੀ ਅਸੀਂ ਸਮੁੱਚੀ ਮਾਨਵਤਾ ਦੀ ਭਲਾਈ ਕਰ ਸਕਦੇ ਹਾਂ। ਉਨ੍ਹਾਂ ਸੱਦਾ ਦਿੱਤਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਚੰਗੇ ਤੇ ਮਾੜੇ ਦੀ ਪਹਿਚਾਣ ਕਰਕੇ ਸਮਾਜ ਨੂੰ ਸਹੀ ਸੇਧ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖੀ ਦੇ ਅਸੂਲਾਂ ‘ਤੇ ਚੱਲਕੇ ਹੀ ਸਮਾਜ ਵਿੱਚੋਂ ਨਸ਼ਿਆਂ ਅਤੇ ਭਰੂਣ ਹੱਤਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕੀਤਾ ਕਿ ਉਹ ਸੰਪੂਰਨ ਸਿੱਖੀ ਸਰੂਪ ਅਪਣਾ ਕੇ ਆਪਣਾ ਜੀਵਨ ਸਿੱਖੀ ਸਿਧਾਂਤਾਂ ਅਨੁਸਾਰ ਢਾਲਣ ਤਾਂ ਜੋ ਸਮੁੱਚੇ ਵਿਸ਼ਵ ‘ਚ ਸਿੱਖਾਂ ਦੀ ਵਿਲੱਖਣ ਪਹਿਚਾਣ ਬਰਕਰਾਰ ਰਹੇ। ਸਿੰਘ ਸਾਹਿਬ ਨੇ ਸਿਆਸੀ ਪਾਰਟੀਆਂ ਤੇ ਹੋਰ ਜੱਥੇਬੰਦੀਆਂ ਵੱਲੋਂ ਮਾਤਾ ਗੁਜਰੀ ਅਤੇ ਸਾਹਿਬਜਾਦਿਆਂ ਦੀਆਂ ਤਸਵੀਰਾਂ ਨਾਲ ਹੋਰਡਿੰਗਜ ‘ਤੇ ਨੇਤਾਵਾਂ ਦੀਆਂ ਫੋਟੋਆਂ ਛਪਾਉਣ ਵਾਲਿਆਂ ਨੂੰ ਤਾੜਨਾ ਕੀਤੀ ਅਤੇ ਹੋਰਡਿੰਗਜ ‘ਤੇ ਆਪਣੀਆਂ ਫੋਟੋਆਂ ਨਾ ਛਪਵਾਉਣ ਵਾਲੇ ਨੇਤਾਵਾਂ ਖਾਸ ਕਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਸਰਾਹਨਾ ਵੀ ਕੀਤੀ।
ਸਿੰਘ ਸਾਹਿਬ ਨੇ ਸੰਗਤਾਂ ਨੂੰ ਸੰਦੇਸ਼ ਦਿੱਤਾ ਕਿ ਅਗਲੇ ਵਰ੍ਹੇ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਨੂੰ ਸ਼ਹੀਦੀ ਸਭਾ ਵਜੋਂ ਮਨਾਇਆ ਜਾਵੇ, ਰੰਗ ਬਰੰਗੇ ਪਹਿਰਾਵਿਆਂ ਦੀ ਥਾਂ ‘ਤੇ ਸਾਦਗੀ ਵਾਲੇ ਕਪੜੇ ਪਹਿਨ ਕੇ ਹੀ ਸੰਗਤ ਇਸ ਸ਼ੋਕ ਸਭਾ ਵਿੱਚ ਸ਼ਾਮਲ ਹੋਵੇ ਅਤੇ ਗੁਰੂ ਕੇ ਲੰਗਰਾਂ ਵਿੱਚ ਵੀ ਤਰ੍ਹਾਂ-ਤਰ੍ਹਾਂ ਦੇ ਪਕਵਾਨਾਂ ਦੀ ਥਾਂ ‘ਤੇ ਸਾਦਾ ਦਾਲ ਫੁਲਕਾ ਹੀ ਤਿਆਰ ਕਰਕੇ ਸੰਗਤਾਂ ਨੂੰ ਛਕਾਇਆ ਜਾਵੇ। ਉਨ੍ਹਾਂ ਸੰਗਤਾਂ ਨੂੰ ਸੰਦੇਸ਼ ਦਿੱਤਾ ਕਿ ਸਿੱਖ ਧਰਮ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਵੱਧ ਤੋਂ ਵੱਧ ਪੜ੍ਹ ਕੇ ਅਤੇ ਵਿਚਾਰ ਕੇ ਉਸ ਨੂੰ ਆਪਣੇ ਮਨਾਂ ਵਿੱਚ ਵਸਾ ਕੇ ਅਜੌਕੇ ਸਮਾਜ ਨੂੰ ਸਹੀ ਸੇਧ ਦੇਣੀ ਚਾਹੀਦੀ ਹੈ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਬਣ ਰਿਹਾ ਅਜਾਇਬ ਘਰ ਸਰਹਿੰਦ ਫਤਹਿ ਦਿਵਸ ਦੇ ਮੌਕੇ ‘ਤੇ 14 ਮਈ ਤੱਕ ਬਣ ਕੇ ਮੁਕੰਮਲ ਹੋ ਜਾਵੇਗਾ ਅਤੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਅਜਾਇਬ ਘਰ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਸੰਘਰਸ਼ ਨੂੰ ਦਰਸਾਉਣ ਵਾਲੀਆਂ ਤਸਵੀਰਾਂ ਪ੍ਰਦਸ਼ਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੀਵਾਨ ਟੋਡਰ ਮੱਲ ਦੀ ਹਵੇਲੀ ਦੀ ਪੁਰਾਤਨ ਦਿੱਖ ਨੂੰ ਮੁੜ ਬਹਾਲ ਕਰਕੇ ਸੰਗਤਾਂ ਦੇ ਦਰਸ਼ਨਾਂ ਲਈ ਖੋਲ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੀ ਆਨੰਦਪੁਰ ਸਾਹਿਬ, ਚਮਕੌਰ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਸ਼ਹੀਦੀ ਸਾਕਿਆਂ ਬਾਰੇ ਅਗਲੇ ਸਾਲ ਤੋਂ ਰੌਸ਼ਨੀ ਤੇ ਆਵਾਜ ਪ੍ਰੋਗਰਾਮਾਂ ਰਾਹੀਂ ਪ੍ਰਚਾਰ ਕੀਤਾ ਜਾਵੇਗਾ। ਜਥੇਦਾਰ ਮੱਕੜ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਅਤੇ ਬਾਬਾ ਮੋਤੀ ਰਾਮ ਮਹਿਰਾ ਦੀਆਂ ਯਾਦਗਾਰਾਂ ਦਾ ਨਿਰਮਾਣ ਵੀ ਛੇਤੀ ਹੀ ਸ਼ੁਰੂ ਹੋ ਜਾਵੇਗਾ।  ਜਥੇਦਾਰ ਮੱਕੜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਾਨੂੰ ਸਾਰਿਆਂ ਨੂੰ ਇਸ ਇਤਿਹਾਸਕ ਸ਼ਹਾਦਤ ਦੇ ਸਪਤਾਹ ਨੂੰ ਵੈਰਾਗਮਈ ਢੰਗ ਨਾਲ ਮਨਾਉਣਾ ਚਾਹੀਦਾ ਹੈ । ਜਥੇਦਾਰ ਮੱਕੜ ਨੇ ਸੰਗਤਾਂ ਨੂੰ ਗੁਰੂ ਵੱਲੋਂ ਦਰਸਾਏ ਮਾਰਗ ਨੂੰ ਗ੍ਰਹਿਣ ਕਰਨ ਦੀ ਅਪੀਲ ਕੀਤੀ ਅਤੇ ਇਸ ਸ਼ਹੀਦੀ ਜੋੜ ਮੇਲ ਵਿੱਚ ਦੇਸ਼ ਅਤੇ ਵਿਦੇਸ਼ਾਂ ਤੋਂ ਪੁੱਜੀ ਲੱਖਾਂ ਦੀ ਗਿਣਤੀ ਵਿੱਚ ਸੰਗਤ, ਵੱਖ-ਵੱਖ ਧਾਰਮਿਕ ਸੰਪਰਦਾਵਾਂ ਦੇ ਪ੍ਰਤੀਨਿਧਾ, ਗੱਤਕਾ ਪਾਰਟੀਆਂ, ਸੇਵਾ ਸੋਸਾਇਟੀਆਂ ਅਤੇ ਲੰਗਰਾਂ ਦੀ ਸੇਵਾ ਕਰਨ ਵਾਲੀਆਂ ਸੰਗਤਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਸੁਯੋਗ ਪ੍ਰਬੰਧਾਂ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਅੱਜ ਇਤਿਹਾਸਕ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਵੇਰੇ 9 ਵਜੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ (ਸ਼੍ਰੀ ਅਨੰਦਪੁਰ ਸਾਹਿਬ) ਦੇ ਜਥੇਦਾਰ ਗਿਆਨੀ ਮੱਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਪ੍ਰਾਰੰਭ ਹੋਇਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਫੁੱਲਾਂ ਨਾਲ਼ ਸਜਾਏ ਪਾਲਕੀ ਸਾਹਿਬ ਵਿੱਚ ਸ਼ੁਸੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁਨਹਿਰੀ ਚੌਰ ਸਾਹਿਬ ਦੀ ਸੇਵਾ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨਿਭਾ ਰਹੇ ਸਨ ਜਦੋਂ ਕਿ ਪਾਲਕੀ ਵਿੱਚ ਸ਼ੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਵਿੱਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਨਿਹੰਗ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਅਤੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੀ ਬੈਠੇ ਸਨ।
ਖਾਲਸਾਈ ਸ਼ਾਨੋਸ਼ੌਕਤ ਨਾਲ ਨਰਸਿੰਘਿਆਂ ਤੇ ਨਗਾਰਿਆਂ ਦੀ ਗੂੰਜ ‘ਚ ਸ਼ੁਰੂ ਹੋਏ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਪਹੁੰਚੇ ਹੋਏ ਸ਼ਰਧਾਲੂਆਂ ਦੀ ਸ਼ਰਧਾ ਦੀ ਭਾਵਨਾ ਦਾ ਅਲੌਕਿਕ ਨਜ਼ਾਰਾ ਉਸ ਵੇਲੇ ਵੇਖਿਆਂ ਹੀ ਬਣਦਾ ਸੀ, ਜਦੋਂ ਪੋਹ ਦੀ ਕੜਕਦੀ ਠੰਢ ‘ਚ ਸ਼ਰਧਾਲੂ ਨੰਗੇ ਪੈਰੀਂ ਮਾਸੂਮ ਜਿੰਦਾਂ ਅਤੇ ਮਾਤਾ ਗੁਜ਼ਰ ਕੌਰ ਨੂੰ ਸ਼ਰਧਾ ਦੇ ਫੁਲ ਭੇਂਟ ਕਰਨ ਲਈ ਉਮੜ ਪਏ। ਪਾਲਕੀ ਸਾਹਿਬ ਵਿੱਚ ਸ਼ੁਸੋਬਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੰਗਤਾਂ ਨਤਮਸਤਕ ਹੋਣ ਲਈ ਫੁੱਲਾਂ ਦੀ ਵਰਖਾ ਕਰ ਰਹੀਆਂ ਸਨ ਅਤੇ ਛੋਟੇ ਸਾਹਿਬਜਾਦਿਆ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੋਲੇ ਸੋ ਨਿਹਾਲ ਅਤੇ ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਰਿਹਾ ਸੀ। ਜਦੋਂ ਕਿ ਪਾਲਕੀ ਸਾਹਿਬ ਦੇ ਅੱਗੇ ਨਗਰ ਕੀਰਤਨ ਵਿੱਚ ਅਸ਼ਤਰਾਂ ਤੇ ਸ਼ਸ਼ਤਰਾਂ ਨਾਲ ਸਜੇ ਬਿਧੀ ਚੰਦ ਨਿਹੰਗ ਸਿੰਘ ਦਲ ਅਤੇ ਬੁੱਢ ਦਲ ਦੇ  ਨਿਹੰਗ ਸਿੰਘ, ਸੈਕੜੇ ਰਾਗੀ ਜਥੇ, ਗੱਤਕਾ ਪਾਰਟੀਆਂ, ਸੇਵਾ ਦਲ, ਸੁਖਮਨੀ ਸੇਵਾ ਸੁਸਾਇਟੀਆਂ, ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀ, ਵੱਖ-ਵੱਖ ਸਕੂਲੀ ਬੱਚਿਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਜਸ ਗਾਉਂਦੀਆਂ ਜਾ ਰਹੀਆ ਸਨ। ਇਸ ਤੋਂ ਇਲਾਵਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਅਤੇ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀ ਨੀਲੀਆਂ, ਕੇਸਰੀ ਅਤੇ ਚਿੱਟੀਆਂ ਦਸਤਾਰਾਂ ਅਤੇ ਖਾਲਸਾਈ ਪੌਸ਼ਾਕਾਂ ‘ਚ ਸਜੇ ਹੋਏ ਨਗਰ ਕੀਰਤਨ ‘ਚ ਸ਼ਰਧਾ ਤੇ ਸਤਿਕਾਰ ਭੇਂਟ ਕਰ ਰਹੇ ਸਨ।
ਨਗਰ ਕੀਰਤਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸ: ਕੁਲਜੀਤ ਸਿੰਘ ਨਾਗਰਾ ਵਿਧਾਇਕ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸ. ਬਲਜੀਤ ਸਿੰਘ ਭੁੱਟਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਅਜੈ ਸਿੰਘ ਲਿਬੜਾ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸਾਬਕਾ ਵਿਧਾਇਕ ਸ੍ਰੀ ਦੀਦਾਰ ਸਿੰਘ ਭੱਟੀ, ਸਕੱਤਰ ਐਸ.ਜੀ.ਪੀ.ਸੀ ਸ. ਦਿਲਮੇਘ ਸਿੰਘ, ਮੀਤ ਸਕੱਤਰ ਸ. ਦਲਜੀਤ ਸਿੰਘ ਬੇਦੀ, ਮੈਂਬਰ ਅੰਤ੍ਰਿਗ ਕਮੇਟੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਕਰਨੈਲ ਸਿੰਘ ਪੰਜੋਲੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਸ: ਰਾਜਿੰਦਰ ਸਿੰਘ ਮਹਿਤਾ, ਸ: ਦਵਿੰਦਰ ਸਿੰਘ ਭੱਪੂ, ਸ: ਗੁਰਵਿੰਦਰ ਸਿੰਘ ਭੱਟੀ, ਸਹਿਕਾਰੀ ਬੈਂਕ ਦੇ ਐਮ.ਡੀ. ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਰਵਿੰਦਰ ਸਿੰਘ ਖਾਲਸਾ, ਹਰਵਿੰਦਰ ਸਿੰਘ ਹਰਪਾਲਪੁਰ, ਸ: ਲਖਬੀਰ ਸਿੰਘ ਲੌਟ, ਸ. ਹਰਦੇਵ ਸਿੰਘ ਹਰਪਾਲਪੁਰ, ਨਿਜੀ ਸਕੱਤਰ ਸ. ਪਰਮਜੀਤ ਸਿੰਘ, ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਜਸਪਾਲ ਸਿੰਘ, ਗੁਰਦੁਆਰਾ ਜੋਤੀ ਸਰੂਪ ਦੇ ਮੈਨੇਜਰ ਭਾਈ ਕਰਮਜੀਤ ਸਿੰਘ, ਸ: ਜਗਦੀਸ਼ ਸਿੰਘ ਬਰਾੜ ਚਿੱਤਰਕਾਰ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਸੀ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵੀ ਚੱਲ ਰਿਹਾ ਸੀ।
ਨਗਰ ਕੀਰਤਨ ਕਰੀਬ 1.00 ਵਜੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ ਗਿਆਨੀ ਮੱਲ ਸਿੰਘ ਜਥੇਦਾਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵੱਲੋਂ ਅਰਦਾਸ ਕਰਨ ਅਤੇ ਦਰਬਾਰ ਸਾਹਿਬ ਦੇ ਹੈਡ ਗਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਵਿੱਚੋਂ ਵਾਕ ਲੈਣ ਉਪਰੰਤ ਸਮਾਪਤ ਹੋ ਗਿਆ। ਇਸ ਸ਼ਹੀਦੀ ਜੋੜ ਮੇਲ ਵਿੱਚ ਇਕੱਤਰ ਸੰਗਤ ਦੀ ਅਰਦਾਸ ਮੌਕੇ ਸ਼ਰਧਾਂਜਲੀ ਵਿੱਚ ਸ਼ਮੂਲੀਅਤ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ ਤਾਂ ਜੋ ਜੋੜ ਮੇਲ ਵਿੱਚ ਸ਼ਾਮਲ ਸਮੂਹ ਸੰਗਤ ਅਰਦਾਸ ਵਿੱਚ ਸ਼ਾਮਲ ਹੋ ਕੇ ਪੂਰਨ ਇਕਾਗਰਤਾ ਨਾਲ ਮਹਾਨ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾਂਜਲੀ ਭੇਂਟ ਕਰ ਸਕੇ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਰੁਣ ਸੇਖੜੀ ਅਤੇ ਐਸ.ਐਸ.ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ ਨੇ ਸ਼ਹੀਦੀ ਜੋੜ ਮੇਲ ਅਮਨ-ਅਮਾਨ ਨਾਲ਼ ਸਮਾਪਤ ਹੋਣ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਆਈ ਸੰਗਤ, ਰਾਜਸੀ ਆਗੂਆਂ, ਲੰਗਰਾਂ ਦੇ ਪ੍ਰਬੰਧਕਾਂ, ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮੂਹ ਧਾਰਮਿਕ ਅਤੇ ਸਵੈ ਸੇਵੀ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ਬਦਲੇ ਉਹਨਾਂ ਦਾ ਧੰਨਵਾਦ ਕੀਤਾ।
Facebook Comment
Project by : XtremeStudioz