Close
Menu

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਝੋਨੇ ਦੇ ਮੌਜੂਦਾ ਸੀਜ਼ਨ ਲਈ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ

-- 02 October,2015

ਚੰਡੀਗੜ੍ਹ, 2 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਇੱਕ ਮੀਟਿੰਗ ਅੱਜ ਹਿੱਥੇ ਹੋਈ ਜਿਸ ਵਿੱਚ ਸੂਬੇ ‘ਚ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸ. ਸੁਖਬੀਰ ਸਿੰਘ ਬਾਦਲ ਨੇ ਕੀਤੀ ਅਤੇ ਇਸ ਵਿੱਚ ਪਾਰਟੀ ਦੇ ਪੈਟਰਨ ਇਨ ਚੀਫ ਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ. ਸੁਖਦੇਵ ਸਿੰਘ ਢੀਂਡਸਾ, ਜਥੇਦਾਰ ਅਵਤਾਰ ਸਿੰਘ, ਜਥੇਦਾਰ ਤੋਤਾ ਸਿੰਘ, ਸ. ਨਿਰਮਲ ਸਿੰਘ ਕਾਹਲੋਂ, ਸ. ਸੇਵਾ ਸਿੰਘ ਸੇਖਵਾਂ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਸੁੱਚਾ ਸਿੰਘ ਲੰਗਾਹ, ਸ. ਬਲਵੰਤ ਸਿੰਘ ਰਾਮੂਵਾਲੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਸ੍ਰੀ ਹਰਚਰਨ ਸਿੰਘ ਬੈਂਸ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ੍ਰੀ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਮੀਟਿੱਗ ਦਾ ਮਕਸਦ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਖ਼ਰੀਦ ਨਾਲ ਸਬੰਧਤ ਵੱਖੋ-ਵੱਖਰੇ ਮਾਮਲਿਆਂ ਦੀ ਪੁਣ-ਛਾਣ ਤੇ ਸਮੀਖਿਆ ਕਰਨਾ ਸੀ। ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੈਂਬਰਾਂ ਨੂੰ ਕਿਹਾ ਕਿ ਫਸਲ ਦੀ ਮੁਸ਼ਕਿਲ ਰਹਿਤ ਖ਼ਰੀਦ ਦੇ ਰਾਹ ਵਿੱਚ ਅਉਂਦੀਆਂ ਸੰਭਾਵੀਂ ਸਮੱਸਿਆਵਾਂ ਦੇ ਵੱਖੋ-ਵੱਖਰੇ ਪਹਿਲੂਆਂ ‘ਤੇ ਲਗਾਤਾਰ ਨਜ਼ਰ ਰੱਖਣ ਅਤੇ ਪਾਰਟੀ ਆਲਾ ਕਮਾਨ ਅਤੇ ਸੀਨੀਅਰ ਸਰਕਾਰੀ ਅਧਿਕਾਰੀਆਂ ਨੂੰ ਇਸ ਮੁੱਦੇ ਸਬੰਧੀ ਪੂਰੇ ਹਾਲਾਤ ਤੋਂ ਜਾਣੂ ਕਰਵਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਮੁਸ਼ਕਿਲ ਦਾ ਤੁਰਤ-ਫੁਰਤ ਹੱਲ ਕੱਢਿਆ ਜਾ ਸਕੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ, ”ਅਸੀਂ ਸੂਬੇ ਭਰ ਦੀਆਂ ਮੰਡੀਆਂ ਵਿੱਚੋਂ ਝੋਨੇ ਦੇ ਹਰੇਕ ਦਾਣੇ ਦੀ ਖ਼ਰੀਦ ਅਤੇ ਚੁਕਾਈ ਲਈ ਦ੍ਰਿੜ ਸੰਕਲਪ ਹਾਂ। ਜਿੱਥੇ ਸਰਕਾਰੀ ਮਸ਼ੀਨਰੀ ਵਲੋਂ ਇਸ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਉਥੇ ਹੀ ਪਾਰਟੀ ਵਲੋਂ ਵੀ ਆਪਣੇ ਪੱਧਰ ‘ਤੇ ਇਹ ਯਕੀਨੀ ਬਣਾਉਣ ‘ਚ ਕੋਈ ਕਸਰ ਨਹੀਂ  ਛੱਡੀ ਜਾਵੇਗੀ ਕਿ ਸੂਬੇ ਦੇ ਕਿਸਾਨਾਂ ਨੂੰ ਇਸ ਸਬੰਧੀ ਕੋਈ ਵੀ ਸਮੱਸਿਆ ਪੇਸ਼ ਨਾ ਆਵੇ।”
ਸ. ਬਾਦਲ ਨੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ ਕਿਸਾਨਾਂ ਦੁਆਰਾ ਮੰਡੀਆਂ ਵਿੱਚ ਝੋਨਾ ਲਿਆਉਣ ਅਤੇ ਬਿਨਾਂ ਕਿਸੇ ਦੇਰੀ ਦੇ ਇਸ ਦੀ ਖ਼ਰੀਦ ਦੇ ਰਸਤੇ ਵਿੱਚ ਐਨ ਅਖੀਰੀ ਮੌਕੇ ਆਉਂਦੀ ਕਿਸੇ ਵੀ ਮੁਸ਼ਕਿਲ ਨੂੰ ਦੂਰ ਕਰਨ ਲਈ ਕੁੱਝ ਅਹਿਮ ਨੀਤੀਗਤ ਫੈਸਲੇ ਕੀਤੇ ਹਨ।

ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਜੋ ਕਿ ਇਸ ਬਾਰੇ ਸਬੰਧਤ ਵਿਭਾਗਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ, ਨੇ ਪਾਰਟੀ ਦੇ ਸੀਨੀਅਰ ਸਹਿਯੋਗੀਆਂ ਨੂੰ ਦੱਸਿਆ ਕਿ ਝੋਨੇ ਦੀ ਖ਼ਰੀਦ ਦੇ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਫਸਲ ਦੀ ਖ਼ਰੀਦ ਅਤੇ ਸੂਬੇ ਦੀਆਂ ਵੱਖੋ ਵੱਖ ਮੰਡੀਆਂ ਵਿੱਚੋਂ ਇਸਦੀ ਤੇਜ਼ੀ ਨਾਲ ਚੁਕਾਈ ਕਰਨ ਸਬੰਧੀ ਸਰਕਾਰੀ ਮਸ਼ੀਨਰੀ ਨੂੰ ਹਰਕਤ ਵਿੱਚ ਲਿਆ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਾਉਣੀ ਦੇ ਮਾਰਕੀਟਿੰਗ ਸੀਜ਼ਨ 2015-2016 ਦੌਰਾਨ ਝੋਨੇ ਦੀ ਖ਼ਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਪੰਜ ਸੂਬਾਈ ਖ਼ਰੀਦ ਏਜੰਸੀਆਂ ਜਿਵੇਂ ਕਿ ਪਨਗਰੇਨ, ਮਾਰਕਫੈਡ, ਪਨਸਪ, ਪੰਜਾਬ ਸਟੇਟ ਵੇਅ ਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡ ਗਰੇਨਜ਼ ਕਾਰਪੋਰੇਸ਼ਨ ਤੋਂ ਇਲਾਵਾ ਐਫ.ਸੀ.ਆਈ. ਵਲੋਂ ਐਮ.ਐਸ.ਪੀ. ‘ਤੇ ਝੋਨੇ ਦੀ ਖ਼ਰੀਦ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਕੀਤੀ ਜਾਵੇਗੀ। ਸਾਉਣੀ ਸੀਜ਼ਨ ਦੌਰਾਨ ਸੂਬਾ ਸਰਕਾਰ ਨੇ 137 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਹਨ ਅਤੇ 1817 ਖ਼ਰੀਦ ਕੇਂਦਰ ਸੂਬਾ ਸਰਕਾਰ ਦੁਆਰਾ ਝੋਨੇ ਦੀ ਵਿਕਰੀ/ਖ਼ਰੀਦ ਲਈ ਨੋਟੀਫਾਈ ਕੀਤੇ ਗਏ ਹਨ।
ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਤੇ ਸਮੀਖਿਆ ਮੰਤਰੀਆਂ ਦੁਆਰਾ ਆਪੋ ਆਪਣੇ ਜ਼ਿਲ੍ਹੇ ਅਤੇ ਹੈਡਕੁਆਰਟਰ ਤੋਂ ਸੀਨੀਅਰ ਅਧਿਕਾਰੀਆਂ ਦੁਆਰਾ ਨਿਯਮਿਤ ਰੂਪ ‘ਚ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਭਾਰਤੀ ਰਿਜਰਵ ਬੈਂਕ ਵਲੋਂ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਲਈ ਅੱਜ 18972 ਦੀ ਕੈਸ਼ ਕ੍ਰੈਡਿਟ ਲਿਮਟ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਮੀਟਿੰਗ ਦੌਰਾਨ ਸੂਬੇ ਦੇ ਸ਼ਹਿਰੀ ਤੇ ਪੇਂਡੁ ਖੇਤਰਾਂ ‘ਚ ਬੁਨਿਆਦੀ ਢਾਂਚੇ ਦੀ ਮਜਬੁਤੀ ਲਈ ਵੱਖੋ-ਵੱਖਰੀਆਂ ਸਕੀਮਾਂ ਨੂੰ ਲਾਗੂ ਕਰਨ ਸਮੇਤ ਕੁੱਝ ਹੋਰ ਵਿਕਾਸ ਨਾਲ ਸਬੰਧਤ ਮੁੱਦੇ ਵੀ ਵਿਚਾਰੇ ਗਏ। ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਸ਼ਹਿਰਾਂ ਤੇ ਕਸਬਿਆਂ ਨੂੰ ਸੀਵਰੇਜ, ਜਲ ਸਪਲਾਈ ਤੇ ਹੋਰ ਨਾਗਰਿਕ ਸਹੂਲਤਾਂ ਜਿਵੇਂ ਕਿ ਸੜਕਾਂ ਤੇ ਸਟਰੀਟ ਲਾਈਟਾਂ ਆਦਿ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸੂਬੇ ਦੇ ਸਮੂਹ ਸ਼ਹਿਰਾਂ ਅਤੇ ਕਸਬਿਆਂ ਨੂੰ ਚਾਰ ਤੇ ਛੇ ਮਾਰਗੀ ਰਾਜਮਾਰਗਾਂ ਨਾਲ ਜੋੜਿਆ ਜਾਵੇਗਾ। ਸੂਬੇ ਦੇ ਪੇਂਡੂ ਖੇਤਰਾਂ ਨੂੰ ਵੀ ਸ਼ਹਿਰੀ ਖੇਤਰਾਂ ਦੇ ਆਧਾਰ ‘ਤੇ ਹੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

Facebook Comment
Project by : XtremeStudioz