Close
Menu

ਸਰਕਾਰ ਸੂਬੇ ਦੇ ਪਿੰਡਾਂ ਦੇ ਵਿਕਾਸ ਲਈ 540 ਕਰੋੜ ਦੀ ਗ੍ਰਾਂਟ ਦੇਵੇਗੀ : ਰੱਖੜਾ

-- 02 September,2013

01CHDmachhiwara12

ਮਾਛੀਵਾੜਾ ਸਾਹਿਬ – 2 ਸਤੰਬਰ (ਦੇਸ ਪ੍ਰਦੇਸ ਟਾਈਮਜ਼)-ਪੰਜਾਬ ਦੇ ਕੈਬਨਿਟ ਤੇ ਪੰਚਾਇਤ ਵਿਭਾਗ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸੂਬੇ ਅੰਦਰ ਨਵੀਆਂ ਪੰਚਾਇਤਾਂ ਦਾ ਗਠਨ ਹੋਣ ਉਪਰੰਤ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਅਕਾਲੀ-ਭਾਜਪਾ ਸਰਕਾਰ 540 ਕਰੋੜ ਰੁਪਏ ਦੀ ਗ੍ਰਾਂਟ ਦੇਵੇਗੀ ਤਾਂ ਜੋ ਲੋਕਾਂ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਸਹੂਲਤ ਦੇਣ ਲਈ ਵਿਕਾਸ ਕਰਵਾਏ ਜਾਣ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਰੱਖੜਾ ਨੇ ਅੱਜ ਮਾਛੀਵਾੜਾ ਵਿਖੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਦੇ ਚਾਚਾ ਦੇ ਸ਼ਰਧਾਂਜਲੀ ਸਮਾਰੋਹ ਵਿਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਸ਼੍ਰੀ ਰੱਖੜਾ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਜ਼ਿਲਾ ਪ੍ਰੀਸ਼ਦ ਅਧੀਨ ਆਉਂਦੇ ਪੰਜਾਬ ਦੇ ਸਰਕਾਰੀ ਐਲੀਮੈਂਟਰੀ ਸਕੂਲਾਂ ਨੂੰ ਮੁੜ ਸਿੱਖਿਆ ਵਿਭਾਗ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ, ਬਲਕਿ ਇਨ੍ਹਾਂ ਸਕੂਲਾਂ ਵਿਚ ਸਿੱਖਿਆ ਪ੍ਰਬੰਧਾਂ ਵਿਚ ਸੁਧਾਰ ਕਰਨ ਲਈ ਪੰਜਾਬ ਦੇ ਹਰੇਕ ਜ਼ਿਲੇ ਵਿਚ ਡੀ. ਈ. ਓ. ਤਾਇਨਾਤ ਕਰ ਦਿੱਤੇ ਗਏ ਹਨ, ਜੋ ਕਿ ਪੰਚਾਇਤ ਵਿਭਾਗ ਦੇ ਦਫ਼ਤਰਾਂ ਵਿਚ ਡਿਊਟੀ ਦੇਣਗੇ। ਹਲਕਾ ਸਮਰਾਲਾ ਦੇ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਵਲੋਂ ਜ਼ਿਲਾ ਪ੍ਰੀਸ਼ਦ ਅਧੀਨ ਆਉਂਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਦਾ ਮੁੱਦਾ ਉਠਾਉਣ ‘ਤੇ ਉਨ੍ਹਾਂ ਕਿਹਾ ਕਿ ਜਲਦ ਹੀ ਇਨ੍ਹਾਂ ਸਰਕਾਰੀ ਸਕੂਲਾਂ ਵਿਚ ਨਵੀਆਂ ਭਰਤੀਆਂ ਕਰਕੇ ਖਾਲੀ ਪੋਸਟਾਂ ਭਰੀਆਂ ਜਾਣਗੀਆਂ ਅਤੇ ਸਕੂਲ ਦੇ ਨੇੜਲੇ ਪਿੰਡਾਂ ਵਿਚੋਂ ਹੀ ਅਧਿਆਪਕ ਭਰਤੀ ਕੀਤੇ ਜਾਣਗੇ ਤਾਂ ਜੋ ਉਹ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਵਧੀਆ ਸਿੱਖਿਆ ਦੇ ਸਕਣ। ਪੰਜਾਬ ਅੰਦਰ ਹਜ਼ਾਰਾਂ ਏਕੜ ਪਈ ਪੰਚਾਇਤ ਦੀ ਸ਼ਾਮਲਾਤ ਅਤੇ ਬੰਜਰ ਜ਼ਮੀਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਵੀਂ ਯੋਜਨਾ ਬਣਾਈ ਜਾ ਰਹੀ ਹੈ, ਜਿਸ ਤਹਿਤ ਪੰਜਾਬ ਵਿਚ ਪੰਚਾਇਤ ਦੀਆਂ ਬੰਜਰ ਪਈਆਂ ਜ਼ਮੀਨਾਂ ਨੂੰ ਪੱਧਰਾ ਕੀਤਾ ਜਾਵੇਗਾ ਤੇ ਚਕੋਤੇ ‘ਤੇ ਦੇ ਕੇ ਉਸ ਤੋਂ ਪੰਚਾਇਤ ਵਿਭਾਗ ਆਪਣੀ ਸਾਲਾਨਾ ਆਮਦਨ ਵਿਚ ਲੱਖਾਂ ਦਾ ਵਾਧਾ ਕਰੇਗਾ। ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ੇ ਛੁਡਵਾਉਣ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਸੂਬੇ ਦੇ ਸਮੂਹ ਜ਼ਿਲਾ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰੇਕ ਮਹੀਨੇ ਮੀਟਿੰਗ ਕਰਕੇ ਜ਼ਮੀਨਾਂ ਦੇ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਕਰਨ ਤਾਂ ਜੋ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਾਬਜ਼ਕਾਰਾਂ ਕੋਲੋ ਛੁਡਵਾ ਕੇ ਖੁੱਲ੍ਹੀ ਬੋਲੀ ਰਾਹੀਂ ਚਕੋਤੇ ‘ਤੇ ਦਿੱਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ, ਐੱਸ. ਐੱਸ. ਬੋਰਡ ਦੇ ਚੇਅਰਮੈਨ ਸੰਤਾ ਸਿੰਘ ਉਮੈਦਪੁਰ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਜਨ. ਸਕੱਤਰ ਰੁਪਿੰਦਰ ਸਿੰਘ ਬੈਨੀਪਾਲ, ਜ਼ਿਲਾ ਪ੍ਰੀਸ਼ਦ ਦੇ ਸੈਕਟਰੀ ਅਮਰਦੀਪ ਸਿੰਘ ਗੁਜ਼ਰਾਲ, ਸਾਬਕਾ ਚੇਅਰਮੈਨ ਇੰਦਰਮੋਹਣ ਸਿੰਘ ਕਾਦੀਆਂ, ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਅਵਤਾਰ ਸਿੰਘ ਮੇਹਲੋਂ, ਜ਼ਿਲਾ ਪ੍ਰੀਸ਼ਦ ਮੈਂਬਰ ਦੇਸ ਰਾਜ ਸਿੰਘ ਰਹੀਮਾਂਬਾਦ, ਅਕਾਲੀ ਆਗੂ ਹਰਜਤਿੰਦਰ ਸਿੰਘ ਪਵਾਤ, ਸ਼ਿਵ ਕੁਮਾਰ ਸ਼ਿਵਲੀ, ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਕਰਮਜੀਤ ਸਿੰਘ ਗਰੇਵਾਲ, ਸਿਮਰਨਜੀਤ ਸਿੰਘ ਗੋਗੀਆ ਆਦਿ ਵੀ ਮੌਜੂਦ ਸਨ।

Facebook Comment
Project by : XtremeStudioz