Close
Menu

ਸਿੱਟ ਨੇ ਸੈਣੀ ਨੂੰ ਜਾਰੀ ਕੀਤੇ ਸੰਮਨ,ਚੰਡੀਗੜ੍ਹ ਪੁਲਿਸ ਹੈੱਡਕੁਆਟਰ ਵਿਚ 25 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ

-- 21 February,2019

ਚੰਡੀਗੜ, 21 ਫਰਵਰੀ- ਕੈਪਟਨ ਸਰਕਾਰ ਵੱਲੋਂ ਬੇਅਦਬੀ ਤੇ ਗੋਲੀਕਾਂਡਾਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਹੁਣ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਡੀਜੀਪੀ ਸੁਮੇਧ ਸੈਣੀ ਨੂੰ ਵੀ ਘੇਰਾ ਪਾ ਲਿਆ ਹੈ। ਸਿੱਟ ਨੇ ਸੈਣੀ ਨੂੰ ਸੰਮਨ ਜਾਰੀ ਕੀਤੇ ਹਨ। ਸੈਣੀ ਨੂੰ ਚੰਡੀਗੜ੍ਹ ਸਥਿਤ ਪੁਲਿਸ ਹੈੱਡਕੁਆਟਰ ਵਿਚ 25 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੈਣੀ ਨੂੰ ਘੇਰਨ ਤੋਂ ਬਾਅਦ ਇਹ ਤੈਅ ਹੈ ਕਿ ਹੁਣ ਬਾਦਲਾਂ ਦੀ ਵਾਰੀ ਹੈ, ਕਿਉਂਕਿ ਸੁਮੇਧ ਸੈਣੀ ਇਸ ਮਾਮਲੇ ਵਿਚ ਸਭ ਤੋਂ ਉਚ ਅਧਿਕਾਰੀ ਹਨ। ਇਸ ਤੋਂ ਪਹਿਲਾਂ ਐਸ.ਆਈ.ਟੀ. ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਤੇ ਮੌਜੂਦਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗੋਲੀਕਾਂਡਾਂ ਸਬੰਧੀ ਮਾਮਲਿਆਂ ਵਿਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਐਸ.ਆਈ.ਟੀ. ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ। ਅਕਤੂਬਰ 2015 ਵਿਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਦੇ ਰੋਸ ਵਜੋਂ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖ਼ਮੀ ਹੋ ਗਏ ਸਨ। ਇਨ੍ਹਾਂ ਘਟਨਾਵਾਂ ਦੌਰਾਨ ਪੰਜਾਬ ਪੁਲਿਸ ਦੀ ਕਮਾਨ ਸੁਮੇਧ ਸਿੰਘ ਸੈਣੀ ਦੇ ਹੱਥ ਵਿਚ ਸੀ। ਪਿਛਲੇ ਕਾਫੀ ਦਿਨਾਂ ਤੋਂ ਚਰਚਾ ਸੀ ਕਿ ਹੁਣ ਸੈਣੀ ਤੇ ਬਾਦਲਾਂ ਦੀ ਵਾਰੀ ਹੈ। ਕਿਉਂਕਿ ਹੁਣ ਤੱਕ ਦੀ ਜਾਂਚ ਇਹੀ ਇਸ਼ਾਰਾ ਕਰਦੀ ਹੈ ਕਿ ਗੋਲੀ ਚਲਾਉਣ ਦੇ ਹੁਕਮ ਸੀਨੀਅਰ ਅਧਿਕਾਰੀਆਂ ਵੱਲੋਂ ਆਏ ਸਨ।

Facebook Comment
Project by : XtremeStudioz