Close
Menu

ਸੁਖਬੀਰ ਵਲੋਂ ਬਠਿੰਡਾ/ਮਾਨਸਾ ਦੇ ਪਾਣੀ ਸਪਲਾਈ ਅਤੇ ਸੀਵਰੇਜ ਦੇ 400 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ

-- 21 December,2013

sukhbirਚੰਡੀਗੜ੍ਹ,21 ਦਸੰਬਰ (ਦੇਸ ਪ੍ਰਦੇਸ ਟਾਈਮਜ਼)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚ 100 ਫ਼ੀਸਦੀ ਵਾਟਰ ਸਪਲਾਈ ਅਤੇ ਸੀਵਰੇਜ ਸਹੂਲਤਾਂ ਲਈ 400 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬਾਦਲ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਤੁਰੰਤ ਟੈਂਡਰ ਪ੍ਰਕਿਰਿਆ ਸ਼ੁਰੂ ਕਰਨ ਤਾਂ ਜੋ ਜਨਵਰੀ ਦੇ ਅੱਧ ਤੱਕ ਕੰਮ ਸ਼ੁਰੂ ਕੀਤਾ ਜਾ ਸਕੇ। ਇਨ੍ਹਾਂ ਪ੍ਰਾਜੈਕਟਾਂ ਤਹਿਤ ਦੋਹਾਂ ਜ਼ਿਲ੍ਹਿਆਂ ਦੇ 13 ਕਸਬਿਆਂ ਵਿਚ 100 ਫ਼ੀਸਦੀ ਪਾਣੀ ਸਪਲਾਈ ਅਤੇ ਸੀਵਰੇਜ ਵਿਵਸਥਾ ਦੇਣਾ ਸ਼ਾਮਲ ਹੈ। ਉਨ੍ਹਾਂ ਦਸਿਆ ਕਿ ਗੋਨਿਆਣਾ, ਭੁੱਚੋ, ਫੂਲ, ਮੌੜ ਮੰਡੀ, ਕੋਟ ਫੱਤਾ, ਸੰਗਤ ਮੰਡੀ, ਤਲਵੰਡੀ ਸਾਬੋ, ਰਾਮਾ ਮੰਡੀ, ਮਾਨਸਾ, ਭੀਖੀ, ਸਰਦੂਲਗੜ੍ਹ, ਬੁਢਲਾਡਾ ਅਤੇ ਬਰੇਟਾ ਵਿਖੇ ਪਾਣੀ ਅਤੇ ਸੀਵਰੇਜ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਸਾਰੇ ਪ੍ਰਾਜੈਕਟ ਬੀ.ਓ.ਟੀ. ਦੇ ਆਧਾਰ ‘ਤੇ ਮੁਕੰਮਲ ਕੀਤੇ ਜਾਣਗੇ ਅਤੇ ਸਬੰਧਤ ਕੰਪਨੀ ਇਨ੍ਹਾਂ ਸੇਵਾਵਾਂ ਨੂੰ 10 ਸਾਲ ਤੱਕ ਮੁਹੱਈਆ ਕਰਵਾਏਗੀ। ਸ. ਬਾਦਲ ਨੇ ਨਾਲ ਹੀ ਅਬੋਹਰ, ਮਲੋਟ ਅਤੇ ਗਿੱਦੜਬਾਹਾ ਸ਼ਹਿਰਾਂ ‘ਚ ਸੜਕੀ ਨੈਟਵਰਕ ਦੀ ਮਜ਼ਬੂਤੀ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਗਲੇ 20 ਸਾਲਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਸੜਕਾਂ ਨੂੰ ਚੌੜਾ ਅਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਸ. ਬਾਦਲ ਨੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਇਨ੍ਹਾਂ ਪ੍ਰਾਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ ਬਣਾਉਣ ਅਤੇ ਨਾਲ ਹੀ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਵਾਟਰ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਪਾਈਪ ਲਾਈਨਾਂ ਵਿਛਾਉਣ ਦਾ ਕੰਮ ਇਕ ਮਹੀਨੇ ਦੇ ਅੰਦਰ–ਅੰਦਰ ਸ਼ੁਰੂ ਕਰਨ ਤਾਂ ਜੋ ਗਰਮੀ ਦੀ ਆਮਦ ਤੋਂ ਪਹਿਲਾਂ-ਪਹਿਲਾਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ।

Facebook Comment
Project by : XtremeStudioz