Close
Menu

ਸੁਖਬੀਰ ਸਿੰਘ ਬਾਦਲ ਵੱਲੋਂ ਨਸ਼ਿਆਂ ਦੀ ਖਾਤਮੇ ਲਈ ਸਾਂਝੇ ਯਤਨਾਂ ਦਾ ਸੱਦਾ

-- 02 November,2013

5ਚੰਡੀਗੜ੍ਹ,2 ਨਵੰਬਰ (ਦੇਸ ਪ੍ਰਦੇਸ ਟਾਈਮਜ਼)- ਪੰਜਾਬ ਵਿਧਾਨ ਸਭਾ ਵਿੱਚ ਅੱਜ ਸਰਹੱਦ ਪਾਰ ਤੋਂ ਆਉਂਦੇ ਨਸ਼ੇ ਰੋਕਣ ਵਿੱਚ ਨਾਕਾਮ ਰਹੀ ਕੇਂਦਰ ਸਰਕਾਰ ਨੂੰ ਨਸ਼ਿਆਂ ‘ਤੇ ਲਗਾਮ ਕੱਸਣ ਦੇ ਮਤੇ ‘ਤੇ ਬੋਲਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਸੁਨੀਲ ਜਾਖੜ ਨੂੰ ਅਪੀਲ ਕੀਤੀ ਕਿ ਸੂਬੇ ਦੀਆਂ ਸਮੂਹ ਪਾਰਟੀਆਂ ਦਾ ਵਫਦ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਜਾਵੇ ਤਾਂ ਜੋ ਕੌਮਾਂਤਰੀ ਸਰਹੱਦ ਪਾਰ ਅਤੇ ਦੂਜੇ ਸੂਬਿਆਂ ਤੋਂ ਆਉਂਦੇ ਨਸ਼ਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ ਕਿਸੇ ਇਕ ਪਾਰਟੀ ਦੀ ਨਹੀਂ ਬਲਕਿ ਸਮੁੱਚੇ ਪੰਜਾਬੀਆਂ ਦੀ ਹੈ ਜਿਸ ਲਈ ਸਾਰੀਆਂ ਧਿਰਾਂ ਨੂੰ ਇਕ-ਜੁੱਟ ਹੋ ਕੇ ਨਸ਼ਿਆਂ ਖਿਲਾਫ ਹੰਭਲਾ ਮਾਰਨਾ ਪਵੇਗਾ।
ਸ. ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਤੌਰ ‘ਤੇ ਨਸ਼ਿਆਂ ਦੀ ਤਸਕਰੀ ਕੌਮਾਂਤਰੀ ਸਰਹੱਦ ਪਾਰ ਪਾਕਿਸਤਾਨ ਅਤੇ ਅੰਤਰ ਰਾਜੀ ਸਰਹੱਦ ਪਾਰ ਰਾਜਸਥਾਨ ਤੋਂ ਆਉਂਦੀ ਹੈ। ਪਾਕਿਸਤਾਨ ਤੋਂ ਹੈਰੋਇਨ ਤੇ ਸਮੈਕ ਜਦੋਂ ਕਿ ਰਾਜਸਥਾਨ ਤੋਂ ਅਫੀਮ ਤੇ ਭੁੱਕੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਈ ਵਾਰ ਅਪੀਲ ਕੀਤੀ ਹੈ ਕਿ ਕੌਮਾਂਤਰੀ ਸਰਹੱਦ ਰਾਹੀਂ ਹੁੰਦੀ ਨਸ਼ਿਆਂ ਦੀ ਸਮਗਲਿੰਗ ਰੋਕਣ ਲਈ ਸਖਤ ਕਦਮ ਚੁੱਕੇ ਜਾਣ ਕਿਉਂਕਿ ਸਰਹੱਦ ‘ਤੇ ਬੀ.ਐਸ.ਐਫ. ਤਾਇਨਾਤ ਹੋਣ ਕਾਰਨ ਇਹ ਮਾਮਲਾ ਸੂਬੇ ਦਾ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ।
ਸ. ਬਾਦਲ ਨੇ ਕਿਹਾ ਕਿ ਰਾਜਸਥਾਨ ਤੋਂ ਆਉਂਦੀ ਅਫੀਮ ਅਤੇ ਭੁੱਕੀ ਦੇ ਮਸਲੇ ‘ਤੇ ਰਾਜਸਥਾਨ ਸਰਕਾਰ ਨਾਲ ਵੀ ਕਈ ਵਾਲ ਗੱਲ ਕਰ ਚੁੱਕੇ ਹਨ ਅਤੇ ਨਸ਼ੇ ਦੇ ਤਸਕਰਾਂ ਵਿਰੁੱਧ ਲਗਾਮ ਕਸੀ ਜਾਵੇ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਨੇ ਪਿਛਲੇ 9 ਮਹੀਨਿਆਂ ਦੌਰਾਨ ਨਸ਼ਿਆਂ ਦੇ ਮਾਮਲੇ ਵਿੱਚ 11,500 ਕੇਸ ਦਰਜ ਕੀਤੇ ਹਨ ਅਤੇ 13,270 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਨੇ ਮੈਡੀਕਲ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਵੱਡੀ ਜਿੱਤ ਹਾਸਲ ਕਰਦਿਆਂ ਪੌਣੇ ਦੋ ਕਰੋੜ ਗੋਲੀਆਂ ਬਰਾਮਦ ਕੀਤੀਆਂ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪੰਜਾਬ ਪੁਲਿਸ ਮੁਖੀ ਅਤੇ ਸਮੂਹ ਐਸ.ਐਸ.ਪੀਜ਼. ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਕਿਸੇ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮਾਮਲੇ ਵਿੱਚ ਕੋਤਾਹੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਜਾਂ ਮੁਲਾਜ਼ਮਾਂ ਨੂੰ ਤੁਰੰਤ ਬਰਖਾਸਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੂਰਨ ਨਸ਼ਾ ਮੁਕਤ ਕਰਨ ਦਾ ਮਿਸ਼ਨ ਸ਼ੁਰੂ ਕੀਤਾ ਗਿਆ ਹੈ ਜਿਸ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ।

Facebook Comment
Project by : XtremeStudioz