Close
Menu

ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸਿ਼ਪ ਤੋਂ ਦਿੱਤਾ ਅਸਤੀਫਾ

-- 05 March,2019

ਜਲਾਲਾਬਾਦ, 5 ਮਾਰਚ
ਪਿਛਲੇ ਕਰੀਬ ਦੋ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਚੱਲ ਰਹੇ ਮਤਭੇਦਾਂ ਕਾਰਨ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਥੇ ਪ੍ਰੈੱਸ ਕਾਨਫ਼ਰੰਸ ਕਰਕੇ ਅਸਤੀਫ਼ੇ ਦਾ ਐਲਾਨ ਕਰਦਿਆਂ ਸ੍ਰੀ ਘੁਬਾਇਆ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਪਾਰਟੀ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਸੀ। ‘ਮੈਨੂੰ ਪਾਰਟੀ ਦੇ ਕਿਸੇ ਵੀ ਪ੍ਰੋਗਰਾਮ ਵਿੱਚ ਸੱਦਾ ਤੱਕ ਨਹੀਂ ਦਿੱਤਾ ਜਾਂਦਾ ਸੀ।’ ਉਨ੍ਹਾਂ ਕਿਹਾ ਕਿ 2009 ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਲਾਲਾਬਾਦ ਤੋਂ ਵਿਧਾਨ ਸਭਾ ਚੋਣ ਲੜਾਉਣਾ ਸੱਭ ਤੋਂ ਵੱਡੀ ਗਲਤੀ ਸੀ। ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ,‘‘ਕਾਂਗਰਸ ਪਾਰਟੀ ਵਿੱਚ ਮੇਰਾ ਬੇਟਾ ਹੈ ਅਤੇ ਇਸ ਦਾ ਮੇਰੇ ’ਤੇ ਅਸਰ ਪਏਗਾ।’’ ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਕੋਈ ਸ਼ਰਤ ਨਹੀਂ ਰੱਖਣਗੇ। ਸ੍ਰੀ ਘੁਬਾਇਆ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਅਤੇ ਆਪਣੇ ਹਮਾਇਤੀਆਂ ਨਾਲ ਸਲਾਹ ਕਰਨ ਮਗਰੋਂ ਹੀ ਕੋਈ ਫ਼ੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਲੰਬੇ ਸਮੇਂ ਤੋਂ ਮੱਤਭੇਦ ਹੋਣ ’ਤੇ ਪਹਿਲਾਂ ਅਸਤੀਫ਼ਾ ਇਸ ਲਈ ਨਹੀਂ ਦਿੱਤਾ ਸੀ ਕਿਉਂਕਿ ਉਨ੍ਹਾਂ ਨੂੰ ਦੂਜੀ ਵਾਰ ਵੋਟਰਾਂ ਅਤੇ ਸਪੋਰਟਰਾਂ ਨੇ ਜਿਤਾਇਆ ਸੀ, ਜਿਸ ਕਾਰਨ ਉਨ੍ਹਾਂ ਦੀ ਗੱਲ ਮੰਨ ਕੇ ਅਸਤੀਫ਼ਾ ਲੇਟ ਦਿੱਤਾ ਹੈ। ਉਧਰ ਸ਼ੇਰ ਸਿੰਘ ਘੁਬਾਇਆ ਦੇ ਅਸਤੀਫ਼ੇ ਉਤੇ ਜ਼ਿਲ੍ਹਾ ਫਾਜ਼ਿਲਕਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਸ਼ੋਕ ਅਨੇਜਾ ਨੇ ਕਿਹਾ ਕਿ ਪਾਰਟੀ ਨੇ ਘੁਬਾਇਆ ਨੂੰ ਪੂਰਾ ਮਾਣ ਸਨਮਾਨ ਦਿੱਤਾ ਹੈ ਪਰੰਤੂ ਜਦੋਂ ਕਿਸੇ ਦਾ ਮਨ ਪਾਰਟੀ ਤੋਂ ਭਰ ਜਾਂਦਾ ਹੈ ਤਾਂ ਉਸ ਨੇ ਇਧਰ-ਉਧਰ ਜਾਣਾ ਹੀ ਹੁੰਦਾ ਹੈ ਅਤੇ ਇਹ ਅਸਤੀਫ਼ਾ ਇਸੇ ਸਿਸਟਮ ਦਾ ਹੀ ਨਤੀਜਾ ਹੈ।

Facebook Comment
Project by : XtremeStudioz