Close
Menu

ਹਰਪਾਲ ਚੀਮਾ ਦੀ ਅਗਵਾਈ ਹੇਠ ‘ਆਪ’ ਦੇ ਵਫ਼ਦ ਨੇ ਕੈਨੇਡਾ ਹਾਈ ਕਮਿਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

-- 12 March,2019

ਚੰਡੀਗੜ੍ਹ 12 ਮਾਰਚ 2019
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਕੈਨੇਡਾ ਹਾਈ ਕਮਿਸ਼ਨ ਦੇ ਕੌਂਸਲਰ ਜਨਰਲ ਮੀਆ ਯੇਨ ਅਤੇ ਰਾਜਨੀਤਿਕ, ਆਰਥਿਕ ਅਤੇ ਸਥਾਨਕ ਮੁੱਦਿਆਂ ਦੇ ਮੁਖੀ ਡੈਨੀਅਲ ਹੋਲਟਨ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ।
ਕਰੀਬ ਇੱਕ ਘੰਟਾ ਚੱਲੀ ਇਸ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਸਮਾਜਿਕ, ਆਰਥਿਕ ਅਤੇ ਰਾਜਨੀਤਕ ਹਾਲਤਾਂ ‘ਤੇ ਚਰਚਾ ਕੀਤੀ ਗਈ। ਇਸ ਦੌਰਾਨ ਚੀਮਾ ਨੇ ਮੌਜੂਦਾ ਸਮੇਂ ਵਿੱਚ ਪੰਜਾਬ ਨੂੰ ਦਰਪੇਸ਼ ਆ ਰਹੀਆਂ ਮੁਸਕਿਲਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵੀ ਚਰਚਾ ਕੀਤੀ। ‘ਆਪ’ ਆਗੂ ਨੇ ਦੱਸਿਆ ਕਿ ਕਿਸ ਪ੍ਰਕਾਰ ਆਮ ਆਦਮੀ ਪਾਰਟੀ ਨੇ ਪਿਛਲੇ ਸਮੇਂ ਵਿਚ ਪੰਜਾਬ ਅਤੇ ਦੇਸ਼ ਦੀ ਰਾਜਨੀਤੀ ਵਿੱਚ ਤਬਦੀਲੀ ਲਿਆਂਦੀ ਹੈ ਅਤੇ ਇੱਕ ਨਵੀਂ ਰਾਜਨੀਤੀ ਦੀ ਸ਼ੁਰੂਆਤ ਕੀਤੀ ਹੈ।
ਕੈਨੇਡਾ ਦੇ ਅਧਿਕਾਰੀਆਂ ਨੇ ਕੈਨੇਡਾ ਅਤੇ ਪੰਜਾਬ ਦੀ ਸਮਾਜਿਕ ਆਰਥਿਕ ਅਤੇ ਸਭਿਆਚਾਰਕ ਸਾਂਝ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਦੱਸਿਆ ਕਿ ਕਿਸ ਪ੍ਰਕਾਰ ਪਿਛਲੇ ਕਰੀਬ ਚਾਰ ਦਹਾਕਿਆਂ ਤੋਂ ਕੈਨੇਡਾ ਦੇ ਰਾਜਨੀਤਕ ਅਤੇ ਆਰਥਿਕ ਧਰਾਤਲ ‘ਤੇ ਪੰਜਾਬੀਆਂ ਨੇ ਮੱਲ੍ਹਾਂ ਮਾਰੀਆਂ ਹਨ। ਉਨ੍ਹਾਂ ਨੇ ਪੰਜਾਬ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਸਥਿਰਤਾ ਲਿਆਉਣ ਉੱਤੇ ਵੀ ਜ਼ੋਰ ਦਿੱਤਾ।
ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸੂਬਾ ਕੋਰ ਕਮੇਟੀ ਦੇ ਮੈਂਬਰ ਸੁਖਵਿੰਦਰ ਸੁੱਖੀ ਅਤੇ ਮੀਡੀਆ ਕੋਆਰਡੀਨੇਟਰ ਮਨਜੀਤ ਸਿੰਘ ਸਿੱਧੂ ਵੀ ਮੌਜੂਦ ਸਨ।

Facebook Comment
Project by : XtremeStudioz