Close
Menu

ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਬਣ ਰਹੀ ਇਮਾਰਤ ਬਾਰੇ ਕਮੇਟੀ ਕਾੲਿਮ

-- 02 July,2015

ਫਤਹਿਗੜ੍ਹ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕਡ਼ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਗੁਰਦੁਆਰਾ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਬਣ ਰਹੀ ਇਮਾਰਤ ਦੇ ਨਿਰੀਖਣ ਲਈ ਪੰਜ ਮੈਂਬਰੀ ਸਬ ਕਮੇਟੀ ਕਾੲਿਮ ਕੀਤੀ ਗਈ ਹੈ। ਸਬ ਕਮੇਟੀ ਵਿੱਚ ਜੂਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਬਾਦਲ, ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਅੰਤ੍ਰਿੰਗ ਮੈਂਬਰ ਕਰਨੈਲ ਸਿੰਘ ਪੰਜੋਲੀ, ਰਜਿੰਦਰ ਸਿੰਘ ਮਹਿਤਾ ਅਤੇ ਮੋਹਨ ਸਿੰਘ ਬੰਗੀ ਨੂੰ ਸ਼ਾਮਲ ਕੀਤਾ ਗਿਆ ਹੈ।
ਜਥੇਦਾਰ ਮੱਕੜ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਹੋਰ ਕਿਸੇ ਵੀ ਗੁਰੂ ਘਰ ਦੀ ਇਮਾਰਤ ਉਸਾਰੀ ਨਹੀਂ ਜਾ ਸਕਦੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਮਸਤੂਆਣਾ ਸਾਹਿਬ (ਸੰਗਰੂਰ) ਦੀ ਬਣ ਰਹੀ ਇਮਾਰਤ ਪਹਿਲਾਂ ਵੀ ਵਿਵਾਦਾਂ ਵਿੱਚ ਰਹੀ ਹੈ ਤੇ ਹੁਣ ਵੀ ਇਸ ਬਾਰੇ ਚਰਚਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਕਿਸੇ ਵੀ ਹੋਰ ਗੁਰੂ ਘਰ ਦੀ ਇਮਾਰਤ ਬਣਾਉਣਾ ਸਰਾਸਰ ਗ਼ਲਤ ਹੈ। ਉਨ੍ਹਾਂ ਗੁਰਦੁਆਰਾ ਮਸਤੂਆਣਾ ਸਾਹਿਬ (ਸੰਗਰੂਰ) ਦੀ ਬਣ ਰਹੀ ਇਮਾਰਤ ਦਾ ਨਿਰਮਾਣ ਕਾਰਜ ਤੁਰੰਤ ਰੋਕਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜ ਮੈਂਬਰੀ ਸਬ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਕੇਵਲ ਸਿੰਘ ਨੂੰ ਬਣਾਇਆ ਗਿਆ ਹੈ, ਜੋ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਪਹੁੰਚ ਕੇ ਸਮੁੱਚੀ ਇਮਾਰਤ ਆਦਿ ਦਾ ਜਾਇਜ਼ਾ ਲੈਣਗੇ। ਸਬ ਕਮੇਟੀ ਵੱਲੋਂ ਤਿਅਾਰ ਕੀਤੀ ਗੲੀ ਰਿਪੋਰਟ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਬੰਧਕ ਕਮੇਟੀ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ, ਜਿਸ ਨਾਲ ਕੌਮ ਦੁਬਿਧਾ ਵਿੱਚ ਪਵੇ।

Facebook Comment
Project by : XtremeStudioz